ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਪੀੜਤਾਂ ਨੇ ਕਿਹਾ ਹੈ ਕਿ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਬਾਰੇ ਸਿਆਸੀ ਪਾਰਟੀਆਂ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ।
ਚੰਡੀਗਡ਼੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ, ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਜ਼ਖਮੀ ਹੋਏ ਨੌਜਵਾਨ ਅਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਭਾਵੇਂ ਸਰਕਾਰ ਨੇ ਮੁਆਵਜ਼ਾ ਦੇ ਦਿੱਤਾ ਹੈ ਪਰ ਉਨ੍ਹਾਂ ਦੀ ਮੁੱਖ ਮੰਗ ਇਹ ਹੈ ਕਿ ਬੇਅਦਬੀ ਮਾਮਲੇ ਦੇ ਸਾਰੇ ਦੋਸ਼ੀ ਅੰਦਰ ਦਿੱਤੇ ਜਾਣ ਅਤੇ ਜਿਨ੍ਹਾਂ ਨੇ ਗੋਲ਼ੀਕਾਂਡ ਕੀਤਾ ਹੈ ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਨ੍ਹਾਂ ਆਗੂਆਂ ਨੇ ਨਵਜੋਤ ਸਿੰਘ ਸਿੱਧੂ ਉੱਤੇ ਵੀ ਸਵਾਲ ਖੜ੍ਹੇ ਕੀਤੇ ਕਿ ਉਹ ਵਾਰ ਵਾਰ ਬੇਅਦਬੀ ਮਾਮਲੇ ਦਾ ਜ਼ਿਕਰ ਕਰਦੇ ਹਨ ਪਰ ਉਨ੍ਹਾਂ ਦੀ ਸਰਕਾਰ ਨੇ ਸਾਢੇ ਚਾਰ ਸਾਲ ਵਿੱਚ ਬੇਅਦਬੀ ਮਾਮਲੇ ਤੇ ਸਹੀ ਕਾਰਗੁਜ਼ਾਰੀ ਨਹੀਂ ਕੀਤੀ। ਇਨ੍ਹਾਂ ਪੀਡ਼ਤਾਂ ਨੇ ਇਹ ਵੀ ਦੋਸ਼ ਲਗਾਇਆ ਕਿ ਅਕਾਲੀ ਭਾਜਪਾ ਸਰਕਾਰ ਵੇਲੇ ਬੇਅਦਬੀ ਕਾਂਡ ਹੋਇਆ ਸੀ ਪਰ ਉਸ ਵੇਲੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਚਾਇਆ ਗਿਆ।
ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਵੀ ਜੇਕਰ ਸਰਕਾਰ ਚਾਹੁੰਦੀ ਤਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅੰਦਰ ਦਿੱਤਾ ਜਾ ਸਕਦਾ ਸੀ ਪਰ ਉਸ ਵੇਲੇ ਪੁਲਿਸ ਨੂੰ ਅਣ-ਪਛਾਤਾ ਕਹਿ ਕੇ ਬਖ਼ਸ਼ਿਆ ਗਿਆ।