ਵਿਜੀਲੈਂਸ ਬਿਊਰੋ ਨੇ ਦਫਤਰ ‘ਚ 17,000 ਰੁਪਏ ਰਿਸ਼ਵਤ ਲੈਂਦਾ ASI ਕੀਤਾ ਕਾਬੂ

Rajneet Kaur
1 Min Read
ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਹੋਰ ਸਫ਼ਲਤਾ ਹਾਸਿਲ ਕੀਤੀ ਹੈ। ਉਨ੍ਹਾਂ ਨੇ ਡੀ.ਐਸ.ਪੀ. ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
 ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ।  ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਏ.ਐਸ.ਆਈ. ਰਾਜ ਕੁਮਾਰ ਨੇ ਉਸਨੂੰ ਆਪਣੇ ਦਫਤਰ ਵਿੱਚ ਬੁਲਾ ਕੇ ਕਿਹਾ ਕਿ ਉਸਦੇ ਖਿਲਾਫ਼ ਚੋਰੀ ਕੀਤੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਖਰੀਦਣ ਸਬੰਧੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਇਸ ਸਬੰਧੀ ਪੁਲਿਸ ਮੁਕੱਦਮੇ ਤੋਂ ਬਚਣ ਲਈ 50,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35,000 ਰੁਪਏ ਵਿੱਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਇਸ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਸਹਿਮਤ ਹੋ ਗਿਆ ਪਰ ਵਿਜੀਲੈਂਸ ਬਿਊਰੋ ਕੋਲ ਵੀ ਸ਼ਿਕਾਇਤ ਕਰ ਦਿੱਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਏ.ਐਸ.ਆਈ ਰਾਜ ਕੁਮਾਰ ਨੂੰ ਉਸਦੇ ਦਫ਼ਤਰ ਵਿੱਚ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
Share This Article
Leave a Comment