ਵਿਜੀਲੈਂਸ ਬਿਊਰੋ ਨੇ PSPCL ਦੇ ਜੇਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Global Team
2 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਈ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Share This Article
Leave a Comment