ਵਿਜੀਲੈਂਸ ਨੇ ਆਸ਼ੂ ਦੁਆਲੇ ਕੱਸਿਆ ਸ਼ਿਕੰਜਾ, ਢੋਆ-ਢੁਆਈ ਟੈਂਡਰ ਮਾਮਲੇ ‘ਚ ਇਕ ਹੋਰ FIR ਦਰਜ

Rajneet Kaur
3 Min Read

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਦੁਆਲੇ ਕਾਨੂੰਨੀ ਸ਼ਿਕੰਜਾ ਹੋਰ ਕੱਸ ਲਿਆ ਹੈ।ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜਿਲੇ ਵਿੱਚ ਮਿਲੀਭੁਗਤ ਨਾਲ ਠੇਕੇਦਾਰਾਂ ਵੱਲੋਂ ਅਨਾਜ ਮੰਡੀਆਂ ਵਿੱਚ ਕਣਕ ਦੀ ਢੋਆ-ਢੁਆਈ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਧੋਖਾਧੜੀ ਦੇ ਇੱਕ ਹੋਰ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਕਾਂਗਰਸ ਸਰਕਾਰ ਸਮੇਂ ਹੋਏ ਕਥਿਤ ਖੁਰਾਕ ਘੁਟਾਲੇ ਦੇ ਮਾਮਲੇ ਵਿੱਚ ਆਸ਼ੂ ਖ਼ਿਲਾਫ਼ ਅੱਜ ਫਿਰੋਜ਼ਪੁਰ ’ਚ ਇਕ ਹੋਰ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਹੁਣ ਤੱਕ ਲੁਧਿਆਣਾ, ਫ਼ਰੀਦਕੋਟ ਅਤੇ ਨਵਾਂਸ਼ਹਿਰ ਸਮੇਤ ਚਾਰ ਥਾਵਾਂ ’ਤੇ ਕੇਸ ਦਰਜ ਹੋ ਚੁੱਕੇ ਹਨ।

ਇਸ ਸਬੰਧੀ ਤਿੰਨ ਠੇਕੇਦਾਰਾਂ/ਟੈਂਡਰਕਾਰਾਂ ਦਵਿੰਦਰ ਸਿੰਘ ਵਾਸੀ ਫਰੀਦਕੋਟ, ਤਲਵੰਡੀ ਭਾਈ ਦੇ ਵਾਸੀ ਦਵਿੰਦਰਪਾਲ ਅਤੇ ਗੁਰੂਸ਼ਕਤੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਧੋਖਾਧੜੀ ਅਤੇ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਠੇਕੇਦਾਰ ਦਵਿੰਦਰ ਸਿੰਘ ਵਾਸੀ ਨੰਦੇਆਣਾ ਗੇਟ, ਫ਼ਰੀਦਕੋਟ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਫਿਰੋਜ਼ਪੁਰ ਅਤੇ ਮਮਦੋਟ ਦੀਆਂ ਅਨਾਜ ਮੰਡੀਆਂ ਵਿੱਚ ਹੋਈ ਇਸ ਧੋਖਾਧੜੀ ਦੀ ਜਾਂਚ ਕਰਨ ਉਪਰੰਤ ਉਕਤ ਮੁਲਜਮ ਠੇਕੇਦਾਰਾਂ ਖਿਲਾਫ ਥਾਣਾ ਵਿਜੀਲੈਂਸ, ਫਿਰੋਜ਼ਪੁਰ ਵਿਖੇ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਅਤੇ (2) ਤਹਿਤ ਐਫ.ਆਈ.ਆਰ. 24 ਮਿਤੀ 27-10-2022 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਆਮ ਤੌਰ ’ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਬਣੀਆਂ ਕਮੇਟੀਆਂ ਵੱਲੋਂ ਹੀ ਦਿੱਤੇ ਜਾਂਦੇ ਸਨ। ਕਾਂਗਰਸ ਹਕੂਮਤ ਸਮੇਂ ਟੈਂਡਰਾਂ ਦੀ ਅਲਾਟਮੈਂਟ ਦਾ ਕੰਮ ਜਦੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਤਾਂ ਇਸ ਕੰਮ ਵਿੱਚ ਤਤਕਾਲੀ ਮੰਤਰੀ ਵੱਲੋਂ ਅਸਿੱਧੇ ਤੌਰ ’ਤੇ ਭੂਮਿਕਾ ਨਿਭਾਈ ਗਈ ਸੀ। ਵਿਜੀਲੈਂਸ ਦੀ ਪੜਤਾਲ ਮੁਤਾਬਕ ਵਿਭਾਗ ਦੇ ਇੱਕ ਅਧਿਕਾਰੀ ਨੂੰ ਮੂਹਰੇ ਲਾ ਕੇ ਠੇਕੇਦਾਰਾਂ ਨਾਲ ਹਿੱਸਾ-ਪੱਤੀ ਕੀਤੀ ਗਈ। ਇਸ ਕੰਮ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ, ਵਿਧਾਇਕ ਅਤੇ ਇੱਥੋਂ ਤੱਕ ਕਿ ਹੋਰ ਮੰਤਰੀ ਵੀ ਕਥਿਤ ਤੌਰ ’ਤੇ ਸ਼ਾਮਲ ਸਨ। ਸੂਤਰਾਂ ਮੁਤਾਬਕ ਖੁਰਾਕ ਤੇ ਸਿਵਲ ਸਪਲਾਈ ਵਿਭਾਗ ’ਚ ਟਰਾਂਸਪੋਰਟ, ਲੇਬਰ ਅਤੇ ਹੋਰ ਕੰਮਾਂ ਨਾਲ ਜੁੜੇ ਵਿੱਤੀ ਲੈਣ-ਦੇਣ ਦੇ ਮਾਮਲੇ ਵਿੱਚ ਕਾਂਗਰਸ ਦੇ ਕਰੀਬ 30 ਆਗੂਆਂ ਦੀ ਭੂਮਿਕਾ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਕਾਂਗਰਸ ਰਾਜ ਦੌਰਾਨ ਰਾਜਸਥਾਨ ਅਤੇ ਯੂਪੀ ਆਦਿ ਸੂਬਿਆਂ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ’ਚ ਵੇਚਣ, ਕਰੋਨਾ ਕਾਲ ਦੌਰਾਨ ਖੁਰਾਕ ਕਿੱਟਾਂ ਦੀ ਸਪਲਾਈ, ਬਾਰਦਾਨੇ ਦੀ ਖ਼ਰੀਦ ’ਚ ਗੜਬੜੀਆਂ ਦੇ ਸ਼ੰਕੇ ਦੀਆਂ ਰਿਪੋਰਟਾਂ ਆਉਣ ਲੱਗੀਆਂ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment