ਵਿਜੈ ਇੰਦਰ ਸਿੰਗਲਾ ਨੇ ਨਵੇਂ ਭਰਤੀ ਕੀਤੇ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

TeamGlobalPunjab
6 Min Read

ਸਕੂਲ ਸਿੱਖਿਆ ਮੰਤਰੀ ਨੇ ਆਈਐਸਬੀ ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਕਰਵਾਈ ਜਾਣ ਵਾਲੀ ਆਧੁਨਿਕ ਸਿਖਲਾਈ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਸਕੂਲ ਸਿੱਖਿਆ ਦੇ ਖੇਤਰ ਵਿਚ ਪਹਿਲਾ ਸਥਾਨ ਕਾਇਮ ਰੱਖਣ ਲਈ ਵਚਨਬੱਧ: ਸਿੰਗਲਾ

ਸੰਗਰੂਰ/ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨੇ ਸਿਖਲਾਈ ਅਤੇ ਮਾਰਗਦਰਸ਼ਨ ਦੇ ਮਕਸਦ ਨਾਲ ਸੂਬੇ ਦੇ ਬਿਹਤਰੀਨ ਅਦਾਰਿਆਂ ਨਾਲ ਆਪਣਾ ਤਾਲਮੇਲ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਵਿਦਿਅਕ, ਖੇਡਾਂ ਅਤੇ ਸਕਾਲਰਸ਼ਿਪ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ।

ਕੈਬਨਿਟ ਮੰਤਰੀ ਸਿੰਗਲਾ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ), ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਆਧੁਨਿਕ ਸਿਖਲਾਈ ਸਬੰਧੀ ਵਰਚੁਅਲ ਲਾਂਚ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਪਹੁੰਚੇ ਹੋਏ ਸਨ। ਸ੍ਰੀ ਸਿੰਗਲਾ ਨੇ ਵਰਚੂਅਲ ਪ੍ਰੋਗਰਾਮ ਦੌਰਾਨ ਨਵੇਂ ਭਰਤੀ ਕੀਤੇ 2,527 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ।

- Advertisement -

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਅਤੇ ਉਪਰਾਲਿਆਂ ਸਦਕਾ ਪੰਜਾਬ ਪੂਰੇ ਦੇਸ਼ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ ‘ਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਤੇ ਅਧਿਆਪਕ, ਅਧਿਕਾਰੀ ਅਤੇ ਸਿੱਖਿਆ ਵਿਭਾਗ ਦਾ ਹੋਰ ਸਟਾਫ਼ ਆਉਣ ਵਾਲੇ ਸਾਲਾਂ ਵਿੱਚ ਵੀ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੁਸ਼ਕਲ ਸਮੇਂ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਨੂੰ ਯਕੀਨੀ ਬਣਾਇਆ ਹੈ।

ਪ੍ਰੋਗਰਾਮ ਦੌਰਾਨ ਵਿਜੈ ਇੰਦਰ ਸਿੰਗਲਾ ਨੇ ਆਈਐਸਬੀ ਮੁਹਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਇੱਕ ਪ੍ਰਮੁੱਖ ਸੰਸਥਾ ਨੇ ਪ੍ਰਿੰਸੀਪਲਾਂ ਅਤੇ ਸਰਕਾਰੀ ਸਕੂਲ ਮੁਖੀਆਂ ਨੂੰ ਪੇਸ਼ੇਵਰ ਸਿਖਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਹਾਇਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਇਸ ਪ੍ਰੋਗਰਾਮ ਨੂੰ ਸੂਬੇ ਦੇ ਸਾਰੇ ਅਧਿਆਪਕਾਂ ਲਈ ਸ਼ੁਰੂ ਕਰੇਗਾ ਕਿਉਂਕਿ ਇਹ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਅਧਿਆਪਨ ਦੇ ਹੁਨਰ ਵਿੱਚ ਵਾਧਾ ਕਰੇਗਾ।

 ਸਿੰਗਲਾ ਨੇ ਦੱਸਿਆ ਕਿ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ (ਬੀਆਈਪੀਪੀ) ਨੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਰਾਹੀਂ ਸਿੱਧੇ ਤੌਰ ‘ਤੇ ਭਰਤੀ ਸਰਕਾਰੀ ਹਾਈ ਸਕੂਲਾਂ ਦੇ ਹੈੱਡਮਾਸਟਰਾਂ ਲਈ ‘ਅਗਵਾਈ ਅਤੇ ਪ੍ਰੇਰਣਾ’ ਵਿਸ਼ੇ ‘ਤੇ ਕਈ ਸਿਖਲਾਈ ਵਰਕਸ਼ਾਪਾਂ ਆਯੋਜਿਤ ਕੀਤੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਵਰਕਸ਼ਾਪਾਂ ਬੀ.ਆਈ.ਪੀ.ਪੀ. ਵੱਲੋਂ ਵਿਭਾਗ ਨਾਲ ਮਿਲ ਕੇ ਸ਼ੁਰੂ ਕੀਤੇ ਇੱਕ ਬਹੁਤ ਵੱਡੇ ਪ੍ਰਾਜੈਕਟ ‘ਪੰਜਾਬ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ’ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇਸ ਕਿਸਮ ਦੀ ਸਿਖਲਾਈ ਵੱਡੇ ਪੱਧਰ ‘ਤੇ ਯੋਜਨਾਬੱਧ ਕੀਤੀ ਗਈ ਹੈ ਅਤੇ ਰਾਸ਼ਟਰੀ ਮਾਧਿਅਮਕ ਸਕੂਲ ਅਭਿਆਨ (ਰਮਸਾ) ਅਧੀਨ 317 ਸਮੇਤ ਕੁੱਲ 152 ਪ੍ਰਿੰਸੀਪਲਾਂ, 672 ਮੁੱਖ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਹਿਲ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਵਿਭਾਗ ਨੇ ਇੱਕ ਆਨਲਾਈਨ ਸਿਖਲਾਈ ਮਡਿਊਲ ਤਿਆਰ ਕੀਤਾ ਹੈ ਜੋ ਕਿ ਸੂਬੇ ਭਰ ਦੇ 10,000 ਤੋਂ ਵੱਧ ਸਕੂਲ ਮੁਖੀਆਂ, ਪ੍ਰਿੰਸੀਪਲਾਂ, ਲੈਕਚਰਾਰਾਂ, ਬੀਪੀਈਓਜ਼, ਸੀ.ਐਚ.ਟੀ. ਅਤੇ ਐਚ.ਟੀਜ਼ ਤੱਕ ਪਹੁੰਚ ਲਈ ਉਪਲੱਬਧ ਹੋਵੇਗਾ। ਇਨ੍ਹਾਂ ਮਡਿਊਲਾਂ ਦੀ ਵਧੇਰੇ ਪਹੁੰਚ ਹੋਣ ਦੇ ਨਾਲ ਨਾਲ ਇਹ ਮਹਾਂਮਾਰੀ ਦੀ ਸਥਿਤੀ ਦੌਰਾਨ ਵਧੇਰੇ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦਾ ਮੂਲ ਟੀਚਾ ਸਕੂਲ ਪ੍ਰਿੰਸੀਪਲਾਂ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਉਹ ਵੱਖ ਵੱਖ ਭਾਈਵਾਲਾਂ ਨਾਲ ਜੁੜ ਕੇ ਸਕੂਲਾਂ ਵਿੱਚ ਇੱਕ ਮਿਆਰੀ ਸਿੱਖਿਆ ਦਾ ਮਾਹੌਲ ਸਿਰਜ ਸਕਣ।

- Advertisement -

 

ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਸਬੰਧੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਪ੍ਰਣਾਲੀ ਪ੍ਰਦਾਨ ਕਰਨ ਲਈ ਕਾਂਗਰਸ ਸਰਕਾਰ ਨੇ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਲਾਗੂ ਕੀਤੀ ਹੈ, ਜਿਸ ਤਹਿਤ ਪੂਰੀ ਤਰ੍ਹਾਂ ਅਧਿਆਪਕ ਦੀ ਕਾਰਗੁਜ਼ਾਰੀ ਦੇ ਅਧਾਰ `ਤੇ ਤਬਾਦਲੇ ਕੀਤੇ ਜਾਂਦੇ ਹਨ।

 

 

ਇਸ ਮੌਕੇ ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਕਈ ਨਵੇਂ ਉਪਰਾਲੇ ਕੀਤੇ ਹਨ ਜਿਸ ਨਾਲ ਪੇਂਡੂ ਵਿਦਿਆਰਥੀਆਂ ਨੂੰ ਪੇਸ਼ੇਵਰ ਹੁਨਰ ਦੇਣ ਲਈ ਇੱਕ ਮੰਚ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਵਿਦਿਆਰਥੀਆਂ ਨੂੰ ਸਮਾਰਟਫੋਨਾਂ ਤੋਂ ਇਲਾਵਾ ਸਕੂਲਾਂ ਵਿੱਚ ਐਲ.ਈ.ਡੀਜ਼ ਅਤੇ ਟੈਬਲੇਟਜ਼ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਭਾਈਚਾਰੇ ਨੇ ਸਮਾਰਟ ਸਕੂਲ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਹੈ ਜਿਸ ਦੇ ਨਤੀਜੇ ਵਜੋਂ ਸਕੂਲ ਸਿੱਖਿਆ ਦੇ ਸਾਰੇ ਖੇਤਰਾਂ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ।

ਪ੍ਰੋਗਰਾਮ ਦੌਰਾਨ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਇੰਨ-ਸਰਵਿਸ ਟਰੇਨਿੰਗ ਦਾ ਅਸਲ ਟੀਚਾ ਸਕੂਲ ਪ੍ਰਿੰਸੀਪਲਾਂ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਉਹ ਵੱਖ-ਵੱਖ ਭਾਈਵਾਲਾਂ ਨਾਲ ਜੁੜ ਕੇ ਸਕੂਲਾਂ ਵਿੱਚ ਇਕ ਬਿਹਤਰ ਸਿੱਖਿਆ ਪ੍ਰਣਾਲੀ ਦਾ ਮਾਹੌਲ ਸਿਰਜ ਸਕਣ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਕਾਂਗਰਸ ਆਗੂ ਦਾਮਨ ਥਿੰਦ ਬਾਜਵਾ, ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ, ਡੀ.ਈ.ਓ. ਮਲਕੀਤ ਸਿੰਘ ਖੋਸਾ, ਪ੍ਰਧਾਨ ਕਾਨੂੰਨੀ ਸੈੱਲ ਪੀ.ਪੀ.ਸੀ.ਬੀ. ਗੁਰਤੇਜ ਸਿੰਘ ਗਰੇਵਾਲ, ਚੇਅਰਮੈਨ ਸੁਧਾਰ ਟਰੱਸਟ ਨਰੇਸ਼ ਗਾਬਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਗੋਬਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Share this Article
Leave a comment