ਫ਼ਾਜ਼ਿਲਕਾ : ‘ਆਪ’ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਦੇ ਬਾਹਰ ਬਿਜਲੀ ਸੰਕਟ ਨੂੰ ਲੈ ਕੇ ਤਿੱਖਾ ਵਿਰੋਧ ਜਤਾਇਆ ਜਾ ਰਿਹਾ ਹੈ। ਇਸ ਵਿਚਾਲੇ ਆਮ ਲੋਕਾਂ ਦਾ ਰੋਹ ਵੀ ਸੱਤਾਧਾਰੀ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੂੰ ਝੱਲਣਾ ਪੈ ਰਿਹਾ ਹੈ।
ਫਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਫਾਜ਼ਿਲਕਾ ਦੇ ਪਿੰਡ ਖੁਈਖੇੜਾ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪੁੱਜੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਪਿੰਡ ਵਾਸੀਆਂ ਨੇ ਸਖ਼ਤ ਵਿਰੋਧ ਕੀਤਾ। ਹਾਲਾਤ ਐਨੇ ਹੰਗਾਮਾ ਭਰਪੂਰ ਹੋ ਗਏ ਕਿ ਪੁਲਿਸ ਨੂੰ ਦਖ਼ਲ ਦੇਣਾ ਪਿਆ ਅਤੇ ਉਨ੍ਹਾਂ ਵਿਧਾਇਕ ਘੁਬਾਇਆ ਨੂੰ ਪਿੰਡ ਤੋਂ ਸੁਰੱਖਿਅਤ ਬਾਹਰ ਕੱਢਿਆ ।
ਸਥਾਨਕ ਲੋਕਾਂ ਦੀ ਮੰਨੀਏ ਤਾਂ ਇਸਦਾ ਕਾਰਨ ਹੈ ਕਿ ਪਿੰਡ ਦੇ ਪੰਚਾਇਤ ਮੈਂਬਰਾਂ ਨਾਲ ਘੁਬਾਇਆ ਦਾ ਹੋਇਆ ਤਕਰਾਰ। ਖਬਰ ਹੈ ਕਿ ਪਿੰਡ ਦੇ ਪੰਚਾਇਤ ਮੈਂਬਰ ਦੇ ਨਾਲ ਹੋਏ ਵਿਵਾਦ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਇਹ ਕਦਮ ਚੁੱਕਿਆ ਗਿਆ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਵਿਧਾਇਕ ਘੁਬਾਇਆ ਦੇ ਨਾਲ ਆਏ ਪੁਲਿਸ ਮੁਲਾਜ਼ਮ ਨੇ ਪੰਚਾਇਤ ਮੈਂਬਰ ਨੂੰ ਥੱਪੜ ਮਾਰ ਦਿੱਤਾ ਅਤੇ ਉਸ ਦੇ ਸਮਰਥਕਾਂ ਨੇ ਪੰਚਾਇਤ ਮੈਂਬਰ ਨਾਲ ਬਦਸਲੂਕੀ ਕੀਤੀ।
ਉਧਰ ਪਿੰਡ ਵਾਸੀਆਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ-ਰਾਜਸਥਾਨ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਅਤੇ ਵਿਧਾਇਕ ਘੁਬਾਇਆ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ । ਪੁਲਿਸ ਪ੍ਰਸ਼ਾਸ਼ਨ ਵੱਲੋਂ ਪਿੰਡ ਵਾਲਿਆਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।