ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ‘ਚ ਮਰਯਾਦਾ ਦੀ ਹੋਈ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਆਪਣੀ ਮਰਯਾਦਾ ਹੈ, ਜਿਸ ਦੀ ਉਲੰਘਣਾ ਦਾ ਕਿਸੇ ਨੂੰ ਹੱਕ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਵਾਗਤ ਲਈ ਕੁੜੀਆਂ ਤੋਂ ਨ੍ਰਿਤ ਕਰਵਾ ਕੇ ਮਰਯਾਦਾ ਦੀ ਘੋਰ ਉਲੰਘਣਾ ਕੀਤੀ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਸਮੇਂ ਮੁੱਖ ਮੰਤਰੀ ਨੂੰ ਸਿਰਪਾਓ ਤੇ ਸਿਰੀ ਸਾਹਿਬ ਦੇ ਨਾਲ ਚਾਂਦੀ ਦਾ ਮੁਕਟ ਦੇ ਕੇ ਸਨਮਾਨਿਤ ਵੀ ਮਰਯਾਦਾ ਦੇ ਉਲਟ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖ ਕੇ ਵਾਪਰੀ ਘਟਨਾ ਸਬੰਧੀ ਸਪੱਸ਼ਟੀਕਰਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਮਾਮਲੇ ਦੀ ਜਾਂਚ ਕਰਕੇ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ।