ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ  10 ਮਈ ਨੂੰ ਹੋਵੇਗੀ ਵੋਟਿੰਗ, 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਕੀਤੇ ਗਏ ਤਾਇਨਾਤ

Rajneet Kaur
3 Min Read

ਜਲੰਧਰ : ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ  10 ਮਈ ਨੂੰ ਵੋਟਿੰਗ ਹੋਵੇਗੀ। ਜਿਸ ਲਈ ਹੁਣ ਬਸ ਇੱਕ ਦਿਨ ਹੀ ਰਹਿ ਗਿਆ ਹੈ। ਸ਼ਾਮ ਨੂੰ ਹਰ ਪੋਲਿੰਗ ਬੂਥ ‘ਤੇ EVM ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ। ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਮਸ਼ੀਨਾਂ ਦੀ ਜਾਂਚ ਲਈ ਹਰ ਪੋਲਿੰਗ ਸਟੇਸ਼ਨ ‘ਤੇ ਮੌਕ ਪੋਲਿੰਗ ਹੋਵੇਗੀ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐੱਸ. ਐੱਸ. ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿਚ ਦੱਸਿਆ ਕਿ ਜ਼ਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈੱਬਕਾਸਟਿੰਗ, ਟਰਾਂਸਪੋਰਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ. ਵੀ. ਐੱਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਚੋਣਾਂ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 252 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਨਜ਼ਰ ਰੱਖਣ ਲਈ 302 ਮਾਈਕ੍ਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਨਿਰਪੱਖ ਚੋਣਾਂ ਅਤੇ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਕੇਂਦਰੀ ਬਲਾਂ ਦੀਆਂ 70 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। 70 ਵਿਚੋਂ 30 ਨੂੰ ਸ਼ਹਿਰ ਦੇ 4 ਵਿਧਾਨ ਸਭਾ ਹਲਕਿਆਂ ਵਿਚ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਹੁਕਮ ਜਾਰੀ ਕਰਦਿਆਂ ਐਗਜ਼ਿਟ ਪੋਲ ‘ਤੇ 48 ਘੰਟਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੱਸਿਆ ਕਿ ਈ.ਵੀ.ਐੱਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐੱਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment