ਜਲੰਧਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਾਰਗਰ ਸਾਬਤ ਹੋ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕਸਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ ‘ਤੇ ਇੱਕ ਨਵੀਂ ਰਣਨੀਤੀ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਲੇਜ ਡਿਫੈਂਸ ਕਮੇਟੀਆਂ, ਸਰਪੰਚਾਂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮੈਂਬਰਾਂ ਅਤੇ ਪੁਲਿਸ ਅਧਿਕਾਰੀਆਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਰਗਰਮ ਕੀਤਾ ਜਾ ਰਿਹਾ ਹੈ।
ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਮੁੜ ਸਮਾਜ ਨਾਲ ਜੋੜਨਾ ਹੈ, ਜਿਸ ਦੇ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਖਿਲਾਫ਼ ਜ਼ਮੀਨੀ ਪੱਧਰ ‘ਤੇ ਹਰ ਪਿੰਡ ਵਿੱਚ ਲੜਾਈ ਲੜੀ ਜਾਵੇਗੀ। ਲੋਕਾਂ ਦਾ ਸਹਿਯੋਗ ਹੀ ਇਸ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੈ।
ਉਨ੍ਹਾਂ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦਾ ਦਿੱਤਾ ਹੈ ਕਿ ਹਰੇਕ ਪਿੰਡ ਵਾਸੀ ਆਪਣੇ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਵੇ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਤਕ ਪਹੁੰਚਾਈ ਜਾਵੇ ਅਤੇ ਜੋ ਵਿਅਕਤੀ ਨਸ਼ੇ ਦੇ ਆਦੀ ਹਨ, ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾਵੇ।
ਨਸ਼ਿਆਂ ਖਿਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 156ਵੇਂ ਦਿਨ 356 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 63 ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 967 ਗ੍ਰਾਮ ਹੈਰੋਇਨ, 267 ਕਿਲੋਗ੍ਰਾਮ ਚੂਰਾ ਪੋਸਤ, 1,869 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਭਗਤ ਨੇ ਕਿਹਾ ਕਿ ਮੁਹਿੰਮ ਦੇ 156 ਦਿਨਾਂ ਦੌਰਾਨ 24,592 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ।