ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਵਾਲੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਹੁਣ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਕਾਰਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦੀਆਂ ਬਿਜਲੀ ਦੀਆਂ ਤਾਰਾਂ ਨੂੰ ਕੱਟ ਦਿੱਤਾ, ਜਿਸ ਨਾਲ ਪਰਿਵਾਰ ਦੇ ਮਨਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਬਿਜਲੀ ਦੀਆਂ ਤਾਰਾਂ ਕੱਟਣ ਦੀ ਵੀਡੀਓ ਵੀ ਕੈਦ ਹੋ ਗਈ ਹੈ। ਪਰਿਵਾਰ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਹੈ।ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ।
ਰੰਧਾਵਾ ਦੇ ਪਰਿਵਾਰਕ ਮੈਂਬਰ ਵਰਿੰਦਰ ਪਾਲ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਪੁਲਿਸ ਅਧਿਕਾਰੀ ਉਸ ਦੇ ਬਿਆਨ ਦਰਜ ਕਰਨ ਲਈ ਉਸ ਦੇ ਘਰ ਆਏ ਸਨ। ਇਸ ਦੌਰਾਨ ਅਚਾਨਕ ਬਿਜਲੀ ਬੰਦ ਹੋ ਗਈ। ਪਹਿਲਾਂ ਤਾਂ ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਵਿਭਾਗ ਨੇ ਕਿਸੇ ਕਾਰਨ ਇਲਾਕੇ ਦੀ ਬਿਜਲੀ ਬੰਦ ਕਰ ਦਿੱਤੀ ਹੈ। ਪਰ ਕੁਝ ਦੇਰ ਬਾਅਦ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਦੇਖਿਆ ਕਿ ਪੂਰੇ ਇਲਾਕੇ ਵਿਚ ਬਿਜਲੀ ਸਪਲਾਈ ਆ ਰਹੀ ਸੀ ਜਦਕਿ ਉਸ ਦੇ ਘਰ ਦਾ ਹੀ ਸਵਿੱਚ ਬੰਦ ਸੀ। ਫਿਰ ਉਸਨੂੰ ਕੁਝ ਗਲਤ ਹੋਣ ਦਾ ਸ਼ੱਕ ਹੋਇਆ। ਇਸ ਤੋਂ ਬਾਅਦ ਉਸ ਨੇ ਤੁਰੰਤ ਇਲੈਕਟ੍ਰੀਸ਼ਨ ਨੂੰ ਬੁਲਾਇਆ, ਜਿਸ ਨੇ ਜਾਂਚ ਦੌਰਾਨ ਦੱਸਿਆ ਕਿ ਮੀਟਰ ਨੇੜੇ ਘਰ ਨੂੰ ਜਾਣ ਵਾਲੀਆਂ ਤਾਰਾਂ ਕੱਟੀਆਂ ਹੋਈਆਂ ਹਨ।
ਬਿਜਲੀ ਸਪਲਾਈ ਬਹਾਲ ਹੋਣ ਤੋਂ ਬਾਅਦ ਜਦੋਂ ਉਸ ਨੇ ਸੀਸੀਟੀਵੀ ਚੈੱਕ ਕੀਤਾ ਤਾਂ ਦੇਖਿਆ ਕਿ ਅਣਪਛਾਤੇ ਨੌਜਵਾਨ ਉਸ ਦੇ ਘਰ ਦੀ ਬਿਜਲੀ ਸਪਲਾਈ ਕੱਟ ਰਹੇ ਸਨ। ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ। ਵਰਿੰਦਰ ਪਾਲ ਦਾ ਕਹਿਣਾ ਹੈ ਕਿ ਇਹ ਕਿਸੇ ਬਿਜਲੀ ਮਹਿਕਮੇ ਦੇ ਮੁਲਾਜ਼ਮ ਦਾ ਕੰਮ ਨਹੀਂ ਜਾਪਦਾ ਪਰ ਇਹ ਸੋਚੀ ਸਮਝੀ ਸਾਜ਼ਿਸ਼ ਹੋ ਸਕਦੀ ਹੈ। ਉਸ ਨੇ ਖਦਸ਼ਾ ਪ੍ਰਗਟਾਇਆ ਕਿ ਕੁਝ ਲੋਕ ਪਰਿਵਾਰ ‘ਤੇ ਦਬਾਅ ਪਾਉਣ ਅਤੇ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

