ਚੰਡੀਗੜ੍ਹ : ਇਸ ਸਮੇਂ ਦੇਸ਼ ਭਰ ਵਿੱਚ ਮਾਨਸੂਨ ਕਾਫ਼ੀ ਸਰਗਰਮ ਨਜ਼ਰ ਆ ਰਿਹਾ ਹੈ। IMD ਵੱਲੋਂ ਅੱਜ ਦੇਸ਼ ਦੇ 10 ਵੱਡੇ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਮਾਨਸੂਨ ਦੇ ਲਿਹਾਜ਼ ਨਾਲ ਅਗਲੇ 14 ਘੰਟੇ ਕਈ ਜ਼ਿਲ੍ਹਿਆਂ ਲਈ ਮਹੱਤਵਪੂਰਨ ਸਾਬਤ ਹੋ ਸਕਦੇ ਹਨ, ਜਿੱਥੇ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਉੱਤਰ-ਪੱਛਮੀ ਰਾਜਾਂ ਵਿੱਚ ਚੰਗੇ ਮੀਂਹ ਦਾ ਦੌਰ ਸ਼ੁਰੂ ਹੋ ਚੁੱਕਾ ਹੈ, ਜਦਕਿ ਗੁਜਰਾਤ, ਮਹਾਰਾਸ਼ਟਰ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਜ਼ੋਰਦਾਰ ਮੀਂਹ ਪੈ ਰਿਹਾ ਹੈ, ਜਿਸ ਨਾਲ ਇੱਥੇ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ।ਦੂਜੇ ਪਾਸੇ, ਪਹਾੜੀ ਰਾਜਾਂ ਵਿੱਚ ਮੀਂਹ ਕਰਕੇ ਥਾਂ-ਥਾਂ ਲੈਂਡਸਲਾਈਡ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੋਮਵਾਰ ਨੂੰ ਵੀ ਪਹਾੜੀ ਰਾਜਾਂ ਵਿੱਚ ਚੰਗੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਉੱਤਰ, ਪੂਰਬ ਅਤੇ ਪੱਛਮੀ ਭਾਰਤ ਦੇ ਕੁੱਲ 10 ਰਾਜਾਂ ਵਿੱਚ ਭਾਰੀ ਮੀਂਹ ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਜਿਨ੍ਹਾਂ ਰਾਜਾਂ ਵਿੱਚ ਇਸ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲੇਗਾ, ਉਹ ਹਨ: ਉੱਤਰ ਪ੍ਰਦੇਸ਼, ਬਿਹਾਰ, ਦਿੱਲੀ-ਐਨਸੀਆਰ, ਉੱਤਰਾਖੰਡ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਚੰਗੀ ਬਾਰਿਸ਼ ਲਈ ਹਾਲਾਤ ਬਣ ਰਹੇ ਹਨ।
ਇਨ੍ਹਾਂ ਇਲਾਕਿਆਂ ਵਿੱਚ ਹਵਾ ਦੀ ਰਫ਼ਤਾਰ ਵੀ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਹੋ ਸਕਦੀ ਹੈ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਪ੍ਰਸ਼ਾਸਨ ਨੇ ਕਿਸਾਨਾਂ, ਯਾਤਰੀਆਂ ਅਤੇ ਨਦੀਆਂ-ਨਾਲਿਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਪੂਰੀ ਤਰ੍ਹਾਂ ਅਲਰਟ ਰਹਿਣ ਦੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ ਹਰਿਆਣਾ ਵਿੱਚ ਵੀ ਅੱਜ ਤੋਂ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋਣ ਜਾ ਰਿਹਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਚੰਡੀਗੜ੍ਹ ਕੇਂਦਰ ਅਨੁਸਾਰ, 28 ਅਤੇ 29 ਜੁਲਾਈ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ 30 ਅਤੇ 31 ਜੁਲਾਈ ਨੂੰ ਵੀ ਸੂਬੇ ਦੇ ਅਨੇਕਾਂ ਖੇਤਰਾਂ ਵਿੱਚ ਚੰਗੇ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

