ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਮਾਣਹਾਨੀ ਦੇ ਇਕ ਮਾਮਲੇ ਵਿਚ ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਾਰੰਟ ਜਾਰੀ ਕੀਤੇ ਹਨ। ਮਾਮਲੇ ਦੀ ਸੁਣਵਾਈ 27 ਨਵੰਬਰ ਨੂੰ ਹੋਵੇਗੀ।
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਖੰਡ ਕੀਰਤਨੀ ਜਥੇ ਦੇ ਮੁੱਖ ਬੁਲਾਰੇ ਆਰ. ਪੀ. ਸਿੰਘ ਖ਼ਿਲਾਫ਼ ਇਹ ਬਿਆਨ ਦਿੱਤਾ ਸੀ ਕਿ ਉਹ ਬੱਬਰ ਖਾਲਸਾ ਦਾ ਅੱਤਵਾਦੀ ਹੈ। ਆਰ.ਪੀ. ਸਿੰਘ ਦੇ ਘਰ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਬਰੇਕ ਫਾਸਟ ਕਰਨ ਪਹੁੰਚੇ ਸਨ। ਇਸ ਕਾਰਨ ਸੁਖਬੀਰ ਬਾਦਲ ਨੇ ਬਿਆਨ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਦੇ ਸੰਬੰਧ ਖਾੜਕੂਆਂ ਨਾਲ ਹਨ। ਇਸ ‘ਤੇ ਇਤਰਾਜ਼ ਕਰਦੇ ਹੋਏ ਆਰ.ਪੀ. ਸਿੰਘ ਨੇ ਚੰਡੀਗੜ੍ਹ ਦੀ ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਮਾਣਹਾਨੀ ਦਾ ਕੇਸ ਕਰ ਦਿੱਤਾ ਸੀ। ਜਿਸ ਕਾਰਨ ਇਹ ਮਾਮਲਾ ਹੁਣ ਅਦਾਲਤ ਵਿੱਚ ਚੱਲ ਰਿਹਾ ਹੈ। ਤਰੀਕਾਂ ਉੱਤੇ ਨਾ ਪਹੁੰਚਣ ਕਾਰਨ ਸੁਖਬੀਰ ਸਿੰਘ ਬਾਦਲ ਦੇ ਅਦਾਲਤ ਨੇ ਹੁਣ ਵਾਰੰਟ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਗਲੋਬਲ ਪੰਜਾਬ ਟੀਵੀ ਅਤੇ ਹੋਰਨਾਂ ਚੈਨਲਾਂ ਉੱਤੇ ਸੁਖਬੀਰ ਸਿੰਘ ਬਾਦਲ ਦਾ ਆਰ.ਪੀ. ਸਿੰਘ ਬਾਰੇ ਦਿੱਤਾ ਬਿਆਨ ਖ਼ਬਰ ਦੇ ਰੂਪ ਵਿੱਚ ਚੱਲਿਆ ਸੀ। ਜਿਸ ਨੂੰ ਆਧਾਰ ਬਣਾ ਕੇ ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਹੋਇਆ ਹੈ। ਆਰ.ਪੀ. ਸਿੰਘ ਦੇ ਬੱਬਰਾਂ ਨਾਲ ਸੰਬੰਧ ਹੋਣ ਦੇ ਕਿਸੇ ਕੋਲ ਵੀ ਕੋਈ ਸਬੂਤ ਨਹੀਂ ਹਨ। ਜਿਸ ਕਾਰਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿਚ ਕਾਫੀ ਵਧ ਸਕਦੀਆਂ ਹਨ।