ਸਾਨੂੰ ਬਦ ਤੋਂ ਬਦਤਰ ਸਥਿਤੀ ਲਈ ਰਹਿਣਾ ਹੋਵੇਗਾ ਤਿਆਰ: ਮੁੱਖ ਮੰਤਰੀ

TeamGlobalPunjab
4 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਵੇਂ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਮੁਕੰਮਲ ਤੇ ਸਖਤ ਲੌਕਡਾਊਨ ਦੇ ਹੱਕ ਵਿੱਚ ਨਹੀਂ ਪਰ ਨਾਲ ਹੀ ਸੂਬੇ ਵਿੱਚ ਲਗਾਈਆਂ ਬੰਦਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਥਿਤੀ ਵਿੱਚ ਸੁਧਾਰ ਨਾ ਹੋਇਆ ਤਾਂ ਮੁਕੰਮਲ ਲੌਕਡਾਊਨ ਲਗਾਉਣ ‘ਤੇ ਵਿਚਾਰ ਕਰਨ ਲਈ ਮਜਬੂਰ ਹੋਣਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿੱਚ ਹੁਣ ਤੱਕ ਸੰਪੂਰਨ ਲੌਕਡਾਊਨ ਦੇ ਆਦੇਸ਼ ਦੇਣ ਤੋਂ ਗੁਰੇਜ਼ ਹੀ ਕੀਤਾ ਹੈ ਕਿਉਂਕਿ ਇਸ ਨਾਲ ਸਭ ਤੋਂ ਵੱਧ ਮਾਰ ਗਰੀਬਾਂ ਨੂੰ ਪੈਂਦੀ ਹੈ। ਪਰਵਾਸੀ ਮਜ਼ਦੂਰਾਂ ਨੂੰ ਹਿਜਰਤ ਕਰਨੀ ਪੈਂਦੀ ਹੈ ਅਤੇ ਉਦਯੋਗਾਂ ਨੂੰ ਹਫੜਾ-ਦਫੜੀ ਪੈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਵੱਲੋਂ ਬੰਦਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਖਤ ਕਦਮ ਚੁੱਕਣੇ ਪੈ ਸਕਦੇ ਹਨ।
ਸੂਬੇ ਵਿੱਚ ਮੌਜੂਦਾ ਸਮੇਂ ਹਲਕੇ ਲੌਕਡਾਊਨ ਦੀ ਸਥਿਤੀ ਹੈ। ਸਰਕਾਰ ਵੱਲੋਂ ਐਤਵਾਰ ਨੂੰ ਲਗਾਈਆਂ ਹੋਰ ਰੋਕਾਂ ਦੇ ਨਾਲ ਸਖਤ ਬੰਦਸ਼ਾਂ ਲਗਾਈਆਂ ਗਈਆਂ ਹਨ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿੱਚ ਦੱਸਿਆ ਕਿ ਮੌਜੂਦਾ ਰੋਕਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।

ਕੋਵਿਡ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅੱਜ ਰੈਸਟੋਰੈਂਟ ਤੋਂ ਲੋਕਾਂ ਨੂੰ ਖੁਦ ਖਾਣਾ ਲੈ ਕੇ ਜਾਣ ਦੀ ਰੋਕ ਦੇ ਵੀ ਹੁਕਮ ਦਿੱਤੇ ਕਿਉਂਕਿ ਇਸ ਸਹੂਲਤ ਦੇ ਬਹਾਨੇ ਨੌਜਵਾਨ ਬਾਹਰ ਘੁੰਮਣ ਨਿਕਲ ਜਾਂਦੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਿਰਫ ਖਾਣੇ ਦੀ ਹੋਮ ਡਲਿਵਰੀ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਖਾਦਾਂ ਦੀ ਵਿਕਰੀ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ।

ਆਉਂਦੇ ਦਿਨਾਂ ਵਿਚ ਕੋਵਿਡ ਦੇ ਸਿਖਰ ਉਤੇ ਜਾਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਤਿਆਰੀਆਂ ਵਧਾਉਣ ਦੀ ਲੋੜ ਉਤੇ ਦਿੰਦੇ ਹੋਏ ਮੁੱਖ ਮੰਤਰੀ ਨੇ ਅਗਲੇ 10 ਦਿਨਾਂ ਵਿਚ ਬੈੱਡਾਂ ਦੀ ਸਮਰੱਥਾ 20 ਫੀਸਦੀ ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਵੀ ਮਰੀਜ਼ਾਂ ਨੂੰ ਰੱਖਣ ਲਈ ਸਟੇਡੀਅਮਜ਼, ਜਿਮਨੇਜੀਅਮਜ਼ ਅਤੇ ਹੋਰ ਅਜਿਹੀਆਂ ਥਾਵਾਂ ਨੂੰ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ।

- Advertisement -

ਮੁੱਖ ਮੰਤਰੀ ਨੇ ਕਿਹਾ, ”ਸਾਨੂੰ ਬਦ ਤੋਂ ਬਦਤਰ ਸਥਿਤੀ ਲਈ ਤਿਆਰ ਰਹਿਣਾ ਹੋਵੇਗਾ।” ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਹੋਰ ਵਿਭਾਗਾਂ ਦੇ ਸਟਾਫ ਦੀਆਂ ਸੇਵਾਵਾਂ ਲੈਣ ਦੇ ਵੀ ਹੁਕਮ ਦਿੱਤੇ ਤਾਂ ਕਿ ਪੇਂਡੂ ਇਲਾਕਿਆਂ ਵਿਚ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਲੱਭਣ ਲਈ ਕਾਰਜਸ਼ਕਤੀ ਵਧਾਈ ਜਾ ਸਕੇ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਥਿਤੀ ਬਹੁਤ ਭਿਆਨਕ ਬਣੀ ਹੋਈ ਹੈ ਕਿਉਂਕਿ ਸੂਬੇ ਵਿਚ ਐਲ-3 ਲਈ ਸਿਰਫ 300 ਬੈੱਡ ਉਪਲੱਬਧ ਹਨ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਭਰ ਰਹੇ ਹਨ।

ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਐਤਵਾਰ ਨੂੰ ਸੂਬੇ ਦੀ ਪਾਜ਼ੇਟਿਵਿਟੀ ਦਰ 12 ਫੀਸਦੀ ਉਤੇ ਖੜ੍ਹੀ ਹੈ ਅਤੇ ਪਿਛਲੇ 7-10 ਦਿਨਾਂ ਤੋਂ ਮਾਲਵਾ ਖੇਤਰ ਵਿਚ ਕੇਸ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਐਲ-3 ਦੇ 90 ਫੀਸਦੀ ਬੈੱਡ ਭਰ ਗਏ ਹਨ ਅਤੇ ਕਈ ਮਾਮਲਿਆਂ ਵਿਚ 100 ਫੀਸਦੀ ਭਰ ਗਏ ਹਨ ਜਿਸ ਕਰਕੇ ਸਥਿਤੀ ਬਹੁਤ ਭਿਆਨਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੌਤ ਦਰ 2 ਫੀਸਦੀ ਦੇ ਨੇੜੇ ਪਹੁੰਚ ਗਈ ਹੈ ਅਤੇ ਪੇਂਡੂ ਇਲਾਕਿਆਂ ਵਿੱਚ ਇਸ ਤੋਂ ਵੀ ਵੱਧ (2.7 ਫੀਸਦੀ) ਹੈ। ਇਸ ਵੇਲੇ ਘਰਾਂ ਵਿਚ ਮੌਤਾਂ ਦੀ ਦਰ ਵੀ 2 ਫੀਸਦੀ ਹੈ। ਸਭ ਤੋਂ ਚਿੰਤਾ ਦਾ ਕਾਰਨ ਇਹ ਹੈ ਕਿ ਕੁੱਲ ਮੌਤਾਂ ਵਿੱਚੋਂ 17 ਫੀਸਦੀ ਮਰੀਜ਼ ਸਹਿ ਬਿਮਾਰੀਆਂ ਤੋਂ ਵੀ ਪੀੜਤ ਨਹੀਂ ਸਨ।

Share this Article
Leave a comment