“ਕੈਪਟਨ ਲੱਭੋ” ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਦੇ ਸਿਸਵਾਂ ਸਥਿਤ ਫਾਰਮ ਹਾਊਸ ਦਾ ਕਰਾਂਗੇ ਘਿਰਾਓ : ਭਗਵੰਤ ਮਾਨ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਬੀਤੇ ਦਿਨ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਵੱਡੇ ਦੁਖਾਂਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ “ਕੈਪਟਨ ਲੱਭੋ” ਮੁਹਿੰਮ ਤਹਿਤ ਮੁੱਖ ਮੰਤਰੀ ਦੇ ਸਿਸਵਾਂ ਸਥਿਤ ਫਾਰਮ ਹਾਊਸ ਦਾ ਘਿਰਾਓ ਕੀਤਾ ਜਾਵੇਗਾ।  ‘ਆਪ’ ਸੰਸਦ ਮੈਂਬਰ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ 11 ਵਿਧਾਇਕਾਂ ਨਾਲ ਅੱਜ 11 ਵਜੇ ਮੁੱਖ ਮੰਤਰੀ ਦੇ ਸਿਸਵਾਂ ਸਥਿਤ ਫਾਰਮ ਹਾਊਸ ਦਾ ਘਿਰਾਓ ਕਰਨਗੇ।

‘ਆਪ’ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰ ਕਿਹਾ ਕਿ ਪਿਛਲੇ ਪੌਣੇ ਚਾਰ ਸਾਲ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ‘ਚ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ। ਸਮਾਜ ਦਾ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ। ਸੂਬੇ ‘ਚ ਬੇਰੁਜ਼ਗਾਰ ਅਧਿਆਪਕਾਂ, ਕਿਸਾਨ ਯੂਨੀਅਨਾਂ, ਡਾਕਟਰਾਂ ਅਤੇ ਨਰਸਾਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਪਰ ਸਰਕਾਰ ਵੱਲੋਂ ਕਿਸੇ ਦੀ ਵੀ ਸਾਰ ਨਹੀਂ ਲਈ ਜਾ ਰਹੀ।

ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਅਨੇਕਾਂ ਨਵੇਂ ਘੋਟਾਲੇ ਸਾਹਮਣੇ ਆ ਰਹੇ ਹਨ। ਮਾਨ ਨੇ ਕਿਹਾ ਕਿ ਸੂਬੇ ‘ਚ ਜ਼ਹਿਰਲੀ ਸ਼ਰਾਬ ਪੀਣ ਕਾਰਨ 150 ਮੌਤਾਂ ਹੋ ਜਾਂਦੀਆਂ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਫਾਰਮ ਹਾਊਸ ਤੋਂ ਬਾਹਰ ਨਹੀਂ ਨਿਕਲਦੇ ਅਤੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਲੋਕਾਂ ‘ਚ ਦਿਖਾਈ ਵੀ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੀ ਨਹੀਂ ਰਹਿ ਰਹੇ। ਇਸ ਲਈ ਆਮ ਆਦਮੀ ਪਾਰਟੀ ‘ਆਪ’ ਆਪਣੇ 11 ਵਿਧਾਇਕਾਂ ਨਾਲ ਮੁੱਖ ਮੰਤਰੀ ਦੇ ਸਿਸਵਾਂ ਸਥਿਤ ਫਾਰਮ ਹਾਊਸ ਦਾ ਘਿਰਾਓ ਕਰੇਗੀ।

Share this Article
Leave a comment