ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਡ ਤੋਂ ਮਿਲੀ ਰਾਹਤ ਹੁਣ ਖਤਮ ਹੋਣ ਜਾ ਰਹੀ ਹੈ। ਹੌਲੀ-ਹੌਲੀ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਉੱਤਰੀ ਭਾਰਤ ਇੱਕ ਵਾਰ ਫਿਰ ਸੀਤ ਲਹਿਰ ਦੀ ਲਪੇਟ ਵਿੱਚ ਹੈ। ਇਸ ਤਰ੍ਹਾਂ ਦਿੱਲੀ ਵਿੱਚ ਕੱਲ੍ਹ ਚਾਰ ਦਿਨਾਂ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਵੀਰਵਾਰ ਤੋਂ ਇਹ ਗਿਰਾਵਟ ਦਰਜ ਕੀਤੀ ਗਈ ਹੈ, ਰਾਸ਼ਟਰੀ ਰਾਜਧਾਨੀ ਵਿਚ ਉਸ ਦਿਨ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਦਿੱਲੀ ‘ਚ ਮੰਗਲਵਾਰ ਸਵੇਰੇ ਠੰਡੀਆਂ ਹਵਾਵਾਂ ਨਾਲ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ। ਰਾਸ਼ਟਰੀ ਰਾਜਧਾਨੀ ‘ਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਕੁਝ ਹਿੱਸਿਆਂ ‘ਚ ਹਲਕੀ ਧੁੰਦ ਦੇਖਣ ਨੂੰ ਮਿਲੀ। ਕੱਲ੍ਹ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਸੀ। ਭਾਰਤੀ ਮੌਸਮ ਵਿਭਾਗ (IMD) ਨੇ ਰਾਸ਼ਟਰੀ ਰਾਜਧਾਨੀ ‘ਚ 1 ਫਰਵਰੀ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ 28 ਜਨਵਰੀ ਤੋਂ ਚਾਰ ਦਿਨਾਂ ਲਈ ਦਿੱਲੀ ਵਿੱਚ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ। ਇਸ ਦੌਰਾਨ ਘੱਟੋ-ਘੱਟ ਤਾਪਮਾਨ 7-11 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। IMD ਦੇ ਅਨੁਸਾਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਅੱਜ ਸੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ 30 ਜਨਵਰੀ ਤੱਕ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਸਥਿਤੀ ਬਣੀ ਰਹਿ ਸਕਦੀ ਹੈ। ਇਸ ਤੋਂ ਇਲਾਵਾ ਉੜੀਸਾ ਦੇ ਭੁਵਨੇਸ਼ਵਰ ‘ਚ ਮੰਗਲਵਾਰ ਨੂੰ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਵਿਜ਼ੀਬਿਲਟੀ ਘੱਟ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।