ਨਵੀ ਦਿੱਲੀ : ਦੇਸ਼ ਭਰ ਵਿੱਚ ਕੜਾਕੇ ਦੀ ਗਰਮੀ ਦਾ ਕਹਿਰ ਜਾਰੀ ਹੈ। ਉੱਤਰ ਭਾਰਤ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਇਨੀਂ ਦਿਨੀਂ ਭਾਰੀ ਗਰਮੀ ਪੈ ਰਹੀ ਹੈ। ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਉੜੀਸਾ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕਈ ਸ਼ਹਿਰਾਂ ਵਿੱਚ ਪਾਰਾ 40°C ਤੋਂ 45°C ਦੇ ਵਿਚਕਾਰ ਬਣਿਆ ਹੋਇਆ ਹੈ। ਭਾਰਤੀ ਮੌਸਮ ਵਿਭਾਗ (IMD) ਦਾ ਕਹਿਣਾ ਹੈ ਕਿ ਅਗਲੇ 4-5 ਦਿਨਾਂ ਤੱਕ ਦੇਸ਼ ਵਿੱਚ ਹੀਟ ਵੇਵ ਵਰਗੇ ਹਾਲਾਤ ਬਣੇ ਰਹਿਣਗੇ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, 23 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਉੜੀਸਾ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਵੀ ਅੱਜ ਲੂ ਵਰਗੀ ਸਥਿਤੀ ਰਹਿ ਸਕਦੀ ਹੈ।
ਦਿੱਲੀ-ਐਨਸੀਆਰ (NCR) ਦੀ ਗੱਲ ਕਰੀਏ ਤਾਂ ਅੱਜ ਵੱਧ ਤੋਂ ਵੱਧ ਤਾਪਮਾਨ 42-44°C ਦੇ ਆਸ-ਪਾਸ ਰਹਿਣ ਦੀ ਉਮੀਦ ਹੈ, ਜਦੋਂ ਕਿ ਕਈ ਥਾਵਾਂ ‘ਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਤੱਕ ਪਹੁੰਚ ਜਾਵੇਗਾ। IMD ਨੇ ਇਨ੍ਹਾਂ ਸਾਰੇ ਰਾਜਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੌਰਾਨ ਦਿਨ ਵੇਲੇ ਤੇਜ਼ ਗਰਮ ਹਵਾਵਾਂ ਚੱਲਣਗੀਆਂ, ਜਿਸ ਵਿੱਚ ਬਾਹਰ ਨਿਕਲਣਾ ਜੋਖਮ ਭਰਿਆ ਹੋ ਸਕਦਾ ਹੈ।
ਹਾਲਾਂਕਿ ਕਈ ਸੂਬਿਆਂ ਅੱਜ ਮੀਂਹ ਪੈਣ ਦੀ ਵੀ ਸੰਭਾਵਨਾ ਹੈ । ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 23 ਅਪ੍ਰੈਲ ਨੂੰ ਉੱਤਰ-ਪੂਰਬੀ ਭਾਰਤ ਵਿੱਚ ਦਰਮਿਆਨੇ ਪੱਧਰ ਦੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ।
ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਉੜੀਸਾ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੀ ਕਿਤੇ-ਕਿਤੇ ਮੀਂਹ ਅਤੇ ਗਰਜ-ਚਮਕ ਦੀ ਸੰਭਾਵਨਾ ਹੈ। ਕੇਰਲ, ਤੇਲੰਗਾਨਾ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

