ਨਵੀਂ ਦਿੱਲੀ: ਸੁਪਰੀਮ ਕੋਰਟ ਉਨ੍ਹਾਂ ਵੈੱਬਸਾਈਟਾਂ `ਤੇ ਅੱਠ ਹਫ਼ਤਿਆਂ ਬਾਅਦ ਸੁਣਵਾਈ ਕਰੇਗਾ ਜੋ ਸਿੱਖਾਂ ਬਾਰੇ ਚੁਟਕਲੇ ਵਿਖਾ ਕੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰ ਰਹੀਆਂ ਹਨ। ਸੁਪਰੀਮ ਕੋਰਟ ਨੇ ਸਿੱਖਾਂ ਅਤੇ ਸਰਦਾਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੁਟਕਲਿਆਂ ਵਿਰੁੱਧ ਬੱਚਿਆਂ ਅਤੇ ਭਾਈਚਾਰਿਆਂ ਨੂੰ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸੁਪਰੀਮ ਕੋਰਟ ਨੇ ਇਸ ਨੂੰ ਅਹਿਮ ਮੁੱਦਾ ਕਰਾਰ ਦਿੱਤਾ ਹੈ।
ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਮਾਮਲਾ ਹੈ। ਪਟੀਸ਼ਨਕਰਤਾ ਹਰਵਿੰਦਰ ਚੌਧਰੀ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਹ ਇਸ ਮਾਮਲੇ ਵਿਚ ਅਪਣੇ ਸੁਝਾਵਾਂ ਦੇ ਨਾਲ-ਨਾਲ ਹੋਰ ਧਿਰਾਂ ਦੇ ਸੁਝਾਵਾਂ ਨੂੰ ਇਕਜੁੱਟ ਕਰੇਗੀ ਅਤੇ ਇਕ ਸੰਖੇਪ ਸੰਗ੍ਰਹਿ ਦਾਇਰ ਕਰੇਗੀ।ਸੁਣਵਾਈ ਦੌਰਾਨ ਚੌਧਰੀ ਨੇ ਸਿੱਖ ਭਾਈਚਾਰੇ ਦੀਆਂ ਔਰਤਾਂ ਦੀਆਂ ਸ਼ਿਕਾਇਤਾਂ ਨੂੰ ਉਜਾਗਰ ਕੀਤਾ, ਜਿਨ੍ਹਾਂ ਦੇ ਕਪੜੇ ਪਹਿਨਣ ਦੇ ਤਰੀਕੇ ਲਈ ਉਨ੍ਹਾਂ ਦਾ ਮਜ਼ਾਕ ਉਡਾਇਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ਵਿਚ ਸਿੱਖ ਬੱਚਿਆਂ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਵੀ ਦੱਸਿਆ।
ਸੁਪਰੀਮ ਕੋਰਟ ਅਕਤੂਬਰ 2015 ’ਚ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਸੀ ਜਿਸ ਤੋਂ ਬਾਅਦ ਅਜਿਹੀਆਂ ਸ਼ਿਕਾਇਤਾਂ ਉਠਾਉਣ ਵਾਲੀਆਂ ਹੋਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਪਟੀਸ਼ਨਕਰਤਾ ਨੇ ਪਹਿਲਾਂ ਕਿਹਾ ਸੀ ਕਿ 5,000 ਤੋਂ ਵੱਧ ਵੈੱਬਸਾਈਟਾਂ ਹਨ ਜੋ ਸਿੱਖਾਂ ਬਾਰੇ ਚੁਟਕਲੇ ਵਿਖਾਉਂਦੀਆਂ ਹਨ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਦੀਆਂ ਹਨ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸਿੱਖਾਂ ਬਾਰੇ ਚੁਟਕਲੇ ਵਾਲੀ ਅਜਿਹੀ ਵੈੱਬਸਾਈਟ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਕਿਉਂਕਿ ਇਹ ਸੰਵਿਧਾਨ ਤਹਿਤ ਦਿੱਤੇ ਗਏ ਜੀਵਨ ਅਤੇ ਸਨਮਾਨ ਨਾਲ ਜਿਉਣ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।