ਖੇਤੀ ਕਾਨੂੰਨ ਮੁੱਦੇ ‘ਤੇ ਅੱਜ ਰਾਜ ਸਭਾ ‘ਚ ਕੀ ਕੁਝ ਹੋਇਆ, ਪੜ੍ਹੋ ਵਿਸ਼ਲੇਸ਼ਣ

TeamGlobalPunjab
3 Min Read

ਚੰਡੀਗੜ੍ਹ : ਖੇਤੀ ਕਾਨੂੰਨ ਮੁੱਦੇ ‘ਤੇ ਬਹਿਸ ਵਿਚਾਲੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਸਵੇਰੇ 9 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਕਾਰਵਾਈ ਕਿਸਾਨੀ ਸੰਘਰਸ਼ ‘ਤੇ ਹੀ ਦੇਖਣ ਨੂੰ ਮਿਲੀ। ਰਾਜ ਸਭਾ ‘ਚ ਵਿਰੋਧੀ ਧਿਰਾਂ ਦੇ ਮੈਂਬਰਾਂ ਵੱਲੋਂ ਸੰਘਰਸ਼ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਨਰਿੰਦਰ ਸਿੰਘ ਤੋਮਰ :-

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸਦਨ ‘ਚ ਸੰਬੋਧਨ ਕੀਤਾ। ਨਰੇਂਦਰ ਸਿੰਘ ਤੋਮਰ ਨੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਵਾਈਆਂ ਅਤੇ ਖੇਤੀ ਕਾਨੂੰਨ ਦੇ ਫ਼ਾਇਦੇ ਵਿਰੋਧੀ ਧਿਰਾਂ ਸਾਹਮਣੇ ਰੱਖੇ। ਨਰੇਂਦਰ ਤੋਮਰ ਨੇ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਖ਼ੂਨ ਦੀ ਖੇਤੀ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ ਭਾਜਪਾ ਨਹੀਂ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਚੈਲੇਂਜ ਦਿੱਤਾ ਕਿ ਖੇਤੀ ਕਾਨੂੰਨ ਮੁੱਦੇ ‘ਤੇ ਜੇ ਕਿਸੇ ਨੇ ਮੇਰੇ ਨਾਲ ਬਹਿਸ ਕਰਨੀ ਹੋਵੇ ਤਾਂ ਉਹ ਕਦੋਂ ਵੀ ਬੁਲਾ ਸਕਦੇ ਹਨ।

ਪ੍ਰਤਾਪ ਸਿੰਘ ਬਾਜਵਾ :-

- Advertisement -

ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਭਾਸ਼ਣ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵੀ ਸਦਨ ਨੂੰ ਸੰਬੋਧਨ ਕੀਤਾ ਗਿਆ। ਰਾਜ ਸਭਾ ਦੀ ਕਾਰਵਾਈ ਵਿਚ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਖ਼ਿਲਾਫ਼ ਖ਼ੂਬ ਭੜਾਸ ਕੱਢੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ ਧ੍ਰੋਹੀ ਕਹਿਣਾ ਬਹੁਤ ਮੰਦਭਾਗਾ ਹੈ। ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਪੁਲੀਸ ਵੱਲੋਂ ਕਿਸਾਨਾਂ ਦੇ ਧਰਨੇ ਨੇੜੇ ਕੀਤੀ ਗਈ ਬੈਰੀਕੇਟਿੰਗ ਅਤੇ ਸੜਕਾਂ ‘ਚ ਲਗਾਏ ਗਏ ਕਿੱਲਾਂ ਦੀ ‘ਬਰਲਿਨ ਦੀ ਕੰਧ’ ਨਾਲ ਤੁਲਨਾ ਕਰਦੇ ਹੋਏ ਦਿੱਲੀ ਪੁਲੀਸ ਦੀ ਆਲੋਚਨਾ ਕੀਤੀ।

ਬਲਵਿੰਦਰ ਸਿੰਘ ਭੂੰਦੜ :-

ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਖੇਤੀ ਕਾਨੂੰਨਾਂ ਕਰਕੇ ਹੀ ਕਿਸਾਨ 72 ਦਿਨਾਂ ਤੋਂ ਸੜਕਾਂ ‘ਤੇ ਬੈਠੇ ਹੋਏ ਹਨ। ਹੁਣ ਤੱਕ 190 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ। ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਨਾ ਮਿਲਣ ਕਰਕੇ ਕਿਸਾਨ ਬਰਬਾਦ ਹੋ ਜਾਵੇਗਾ ਅਤੇ ਵੱਡੀਆਂ ਕੰਪਨੀਆਂ ਆਪਣੀਆਂ ਮਨਮਰਜ਼ੀਆਂ ਕਰਨਗੀਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਕਾਨੂੰਨ ‘ਚ ਸਰਕਾਰ ਦਾ ਲੁਕਵਾਂ ਏਜੰਡਾ ਹੈ।

ਸੁਖਦੇਵ ਸਿੰਘ ਢੀਂਡਸਾ :-

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ 3 ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ। ਇਸ ਲਈ ਕਿਸਾਨਾਂ ਦੀ ਮੰਗ ਨੂੰ ਸਵੀਕਾਰ ਕੀਤਾ ਜਾਵੇ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਨੂੰ ਕੌਮਾਂਤਰੀ ਪੱਧਰ ਤਕ ਸਮਰਥਨ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਪੁਲੀਸ ਵੱਲੋਂ ਕੀਤੀ ਗਈ ਸਖ਼ਤੀ ਦੀ ਨਿਖੇਧੀ ਕੀਤੀ।

- Advertisement -

ਸੰਜੈ ਰਾਉਤ :-

ਮਹਾਰਾਸ਼ਟਰ ਤੋਂ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਕੇਂਦਰ ਸਰਕਾਰ ਨੂੰ ਤਿੰਨ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸੰਜੈ ਰਾਊਤ ਨੇ ਇਲਜ਼ਾਮ ਲਗਾਇਆ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਲਈ ਅਤਿਵਾਦੀਆਂ ਵਰਗੇ ਲਫ਼ਜ਼ ਵਰਤੇ ਜਾ ਰਹੇ ਹਨ।

Share this Article
Leave a comment