ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਦਿਮਾਗੀ ਨਕਸਲੀ’ ਸ਼ਬਦ ਨੂੰ ਲੈ ਕੇ ਚੁੱਕੇ ਗਏ ਸਵਾਲਾਂ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ‘ਦਿਮਾਗੀ ਨਕਸਲ’ ਤੋਂ ਕੀ ਭਾਵ ਹੈ ਅਤੇ ਇਸ ਸ਼੍ਰੇਣੀ ਵਿੱਚ ਰੱਖੇ ਜਾਣ ਵਾਲੇ ਲੋਕਾਂ ਨੂੰ ਜਾਇਜ਼ ਲੋਕਤੰਤਰੀ ਅਸਹਿਮਤੀ ਪ੍ਰਗਟਾਉਣ ਵਾਲੇ ਵਿਅਕਤੀਆਂ ਤੋਂ ਕਿਸ ਆਧਾਰ ’ਤੇ ਵੱਖ ਕੀਤਾ ਜਾਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਟਿੱਪਣੀਆਂ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਆਜ਼ਾਦੀ ਦਿਵਸ ਸੰਬੋਧਨ ’ਤੇ ਪ੍ਰਤੀਕਿਰਿਆ ਦਿੰਦਿਆਂ ਇੱਕ ਅੰਗਰੇਜ਼ੀ ਅਖ਼ਬਾਰ ਵਿੱਚ ਪ੍ਰਕਾਸ਼ਿਤ ਆਪਣੇ ਲੇਖ ਵਿੱਚ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ‘ਨਕਸਲ’ ਵਰਗੇ ਸ਼ਬਦਾਂ ਦੀ ਵਰਤੋਂ ਬਹੁਤ ਸਾਵਧਾਨੀ ਨਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਆਪਣੇ ਲੇਖ ਵਿੱਚ ਲਿਖਿਆ ਕਿ, “ਆਓ, ਨਕਸਲ ਸ਼ਬਦ ਨੂੰ ਲੈ ਕੇ ਬਹੁਤ ਜ਼ਿਆਦਾ ਸਹਿਜ ਨਾ ਹੋਈਏ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਨੂੰ ਕਦੇ ਵੀ ਰਾਸ਼ਟਰੀ ਸੁਰੱਖਿਆ ਅਤੇ ਲੋਕਤੰਤਰੀ ਆਜ਼ਾਦੀ ਵਿੱਚੋਂ ਕਿਸੇ ਇੱਕ ਦੀ ਚੋਣ ਕਰਨ ਵਾਲੀ ਸਥਿਤੀ ਵਿੱਚ ਨਹੀਂ ਹੋਣਾ ਚਾਹੀਦਾ। ਜੇਕਰ ਦੋਵਾਂ ਨੂੰ ਸਹੀ ਅਰਥਾਂ ਵਿੱਚ ਸਮਝਿਆ ਜਾਵੇ ਤਾਂ ਇਹ ਦੋਵੇਂ ਇੱਕ-ਦੂਜੇ ਨੂੰ ਕਮਜ਼ੋਰ ਕਰਨ ਦੀ ਬਜਾਏ ਹੋਰ ਮਜ਼ਬੂਤ ਕਰਦੇ ਹਨ।
ਪੰਜਾਬ ਵਿੱਚ ਭਾਜਪਾ ਇਸ ਵਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨਾਤਮਕ ਪੱਧਰ ‘ਤੇ ਆਪਣੀਆਂ ਤਿਆਰੀਆਂ ਤੇਜ਼ੀ ਨਾਲ ਕਰ ਰਹੀ ਹੈ। ਪਾਰਟੀ ਸੂਬੇ ਅੰਦਰ ਆਪਣੇ ਦਮ ‘ਤੇ ਸਿਆਸੀ ਪੈਰ ਪਸਾਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਵਿਚਕਾਰ ਆਪਣਾ ਆਧਾਰ ਵਧਾਉਣ ‘ਤੇ ਜ਼ੋਰ ਦੇ ਰਹੀ ਹੈ। ਅਜਿਹੇ ਨਾਜ਼ੁਕ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਦੇ ਭਾਸ਼ਣ ਵਿੱਚ ਵਰਤੇ ਗਏ ‘ਦਿਮਾਗੀ ਨਕਸਲੀ’ ਸ਼ਬਦ ‘ਤੇ ਸਵਾਲ ਖੜ੍ਹੇ ਕਰਨਾ ਸਿਆਸੀ ਤੌਰ ‘ਤੇ ਕਾਫ਼ੀ ਅਹਿਮ ਅਤੇ ਗੰਭੀਰ ਮੰਨਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

