ਜਲੰਧਰ ‘ਚ ਕਣਕ ਦੀ ਖ਼ਰੀਦ ਵਿੱਚ ਆਈ ਕਮੀ, ਪ੍ਰਸ਼ਾਸਨ ਨੇ ਸੁੱਕੀ ਫਸਲ ਲੈ ਕੇ ਆਉਣ ਦੀ ਕੀਤੀ ਅਪੀਲ

TeamGlobalPunjab
2 Min Read

ਜਲੰਧਰ : ਜ਼ਿਲ੍ਹੇ ਵਿੱਚ ਹੁਣ ਤੱਕ 54950 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 53606 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕੋਵਿਡ-19 ਦੇ ਬਾਵਜੂਦ ਜ਼ਿਲ੍ਹੇ ਵਿੱਚ ਖ਼ਰੀਦ ਪ੍ਰਕਿਰਿਆ ਦਾ ਕੰਮ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮਹਾਂਮਾਰੀ ਤੋਂ ਬਚਾਅ ਲਈ ਜਿਥੇ ਮੰਡੀਆਂ ਵਿੱਚ ਕੀਟਾਣੂ ਨਾਸ਼ਕ ਦਵਾਈ ਦਾ ਨਿਯਮਿਤ ਤੌਰ ‘ਤੇ ਛਿੜਕਾਅ ਕੀਤਾ ਜਾ ਰਿਹਾ ਹੈ ਉਥੇ ਸਮਾਜਿਕ ਦੂਰੀ ਸਮੇਤ ਹੋਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਫ਼ਸਲ ਦੀ ਖਰੀਦ ਸਬੰਧੀ ਵੇਰਵੇ ਸਮੇਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵਲੋਂ 15190 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 13477 ਮੀਟ੍ਰਿਕ ਟਨ,ਪਨਸਪ ਵਲੋਂ 12800 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 9352 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 2787 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਫ਼ਸਲ ਦੀ ਖਰੀਦ ਦੇ ਨਾਲੋ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਬਾਰਦਾਨੇ ਸਮੇਤ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਅਤੇ ਕੋਵਿਡ-19 ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ।

Share this Article
Leave a comment