ਬਰਨਾਲਾ : ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਅੱਜ ਬਰਨਾਲਾ ‘ਚ ਵੀ ਸ਼ਰਧਾਂਜਲੀ ਦਿੱਤੀ ਗਈ। ਰੇਲਵੇ ਸਟੇਸ਼ਨ ‘ਤੇ 30 ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦ ਕਿਸਾਨਾਂ ਨੂੰ ਨਮ ਅੱਖਾਂ ਦੇ ਨਾਲ ਯਾਦ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਵੀ ਕੱਢਿਆ ਗਿਆ। ਜਥੇਬੰਦੀਆਂ ਨੇ ਮੰਗ ਕੀਤੀ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਮੁਆਵਜ਼ਾ ਦੇਵੇ ਅਤੇ ਪਰਿਵਾਰ ਨੂੰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਕਰਵਾਉਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ।
ਇਸ ਦੌਰਾਨ ਕਿਸਾਨ ਲੀਡਰਾਂ ਨੇ ਪ੍ਰਧਾਨ ਮੰਤਰੀ ‘ਤੇ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕ ਕੇ ਸਿੱਖਾਂ ਦੇ ਹਿਤਾਇਸ਼ੀ ਹੋਣ ਦਾ ਢੌਂਗ ਕਰ ਰਹੇ ਹਨ। ਦੂਜੇ ਪਾਸੇ ਕਿਸਾਨ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨਾਂ ਪ੍ਰਤੀ ਇੱਕ ਸ਼ਬਦ ਵੀ ਉਹਨਾਂ ਦੇ ਮੁਹੰ ‘ਚੋਂ ਨਹੀਂ ਨਿਕਲਿਆ। ਛੋਟੀਆਂ ਛੋਟੀਆਂ ਗੱਲਾਂ ‘ਤੇ ਟਵੀਟ ਕਰਨ ਵਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ਹੀਦਾਂ ਪ੍ਰਤੀ ਇੱਕ ਵੀ ਟਵੀਟ ਨਹੀਂ ਕੀਤਾ।