ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋਵੇਗੀ ਘਰ ਵਾਪਸੀ? SGPC ਪ੍ਰਧਾਨਗੀ ਲਈ ਵੀ ਹੋ ਸਕਦੈ ਵੱਡਾ ਐਲਾਨ!

raajan tiwari
4 Min Read

ਪੰਜਾਬ  : ਪੰਜਾਬ ਦੀ ਪੰਥਕ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਵਾਰ ਫਿਰ ਵੱਡੀ ਸਿਆਸੀ ਵਾਪਸੀ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਇਸ ਵਾਰ ਚਰਚਾ ਦਾ ਕੇਂਦਰ ਬਣੇ ਹੋਏ ਹਨ ਬੀਬੀ ਜਗੀਰ ਕੌਰ। ਜੀ ਹਾਂ! ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਇੰਨਾ ਹੀ ਨਹੀਂ, ਪੰਥਕ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਵੀ ਸੌਂਪੀ ਜਾ ਸਕਦੀ ਹੈ। ਜਾਣਕਾਰੀ ਮੁਤਾਬਕ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕਰਨ ਲਈ ਬੇਗੋਵਾਲ ਪਹੁੰਚ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਬੀਬੀ ਜਗੀਰ ਕੌਰ ਦੀ ਪਾਰਟੀ ਵਿੱਚ ਵਾਪਸੀ ਦਾ ਰਸਮੀ ਐਲਾਨ ਹੋ ਸਕਦਾ ਹੈ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ 20 ਨਵੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਦਾ ਉਮੀਦਵਾਰ ਬਣਾਉਣ ਬਾਰੇ ਵੀ ਚਰਚਾ ਚੱਲ ਰਹੀ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ।

ਇਹ ਵੀ ਪੜ੍ਹੌ : Australia Visa News : ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ ਪੰਜਾਬੀਆਂ ਲਈ ਵੱਡੀ ਖ਼ਬਰ!

ਦੱਸ ਦੇਈਏ ਕਿ ਬੀਬੀ ਜਗੀਰ ਕੌਰ ਪਹਿਲਾਂ ਵੀ ਚਾਰ ਵਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਰਹਿ ਚੁੱਕੇ ਹਨ। ਉਹ ਅਕਾਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਦਰਅਸਲ, ਦੋ ਦਸੰਬਰ 2024 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ, ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਲ ਹੋ ਗਏ ਸਨ। ਪਰ ਹੁਣ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਸੀਨੀਅਰ ਆਗੂਆਂ ਦੀ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਤੋਂ ਬਾਅਦ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਦੀਆਂ ਸੰਭਾਵਨਾਵਾਂ ਵੀ ਵਧ ਗਈਆਂ ਹਨ। ਹਾਲ ਹੀ ਵਿੱਚ ਬੀਬੀ ਜਗੀਰ ਕੌਰ ਨੇ ਵੀ ਕਿਹਾ ਸੀ ਕਿ ਉਹ ਜਨਮ ਤੋਂ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ ਸੀ, ਸਗੋਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਸੀ।

ਇਹ ਵੀ ਪੜ੍ਹੌ : ਦਿੱਲੀ-NCR ‘ਚ ਪ੍ਰਦੂਸ਼ਣ ਦਾ ਕਹਿਰ, ਸਾਹ ਲੈਣਾ ਹੋਇਆ ਔਖਾ

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਐੱਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਥਕ ਏਕਤਾ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਸਿੱਖ ਸਿਆਸੀ ਪਾਰਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕੱਠਾ ਹੋਣਾ ਚਾਹੀਦਾ ਹੈ। ਉੱਧਰ, 20 ਨਵੰਬਰ ਨੂੰ ਐੱਸਜੀਪੀਸੀ ਪ੍ਰਧਾਨ ਦੀ ਚੋਣ ਵੀ ਹੋਣੀ ਹੈ। ਮੌਜੂਦਾ ਪ੍ਰਧਾਨ ਐੱਚ.ਐੱਸ. ਧਾਮੀ ਪੰਜਵੀਂ ਵਾਰ ਮੈਦਾਨ ਵਿੱਚ ਹਨ। ਪਿਛਲੀ ਚੋਣ ਵਿੱਚ ਉਨ੍ਹਾਂ ਨੂੰ 107 ਵੋਟਾਂ ਮਿਲੀਆਂ ਸਨ, ਜਦਕਿ ਬੀਬੀ ਜਗੀਰ ਕੌਰ ਦੇ ਹੱਕ ਵਿੱਚ 33 ਵੋਟਾਂ ਪਈਆਂ ਸਨ। ਅਜਿਹੇ ਵਿੱਚ ਹੁਣ ਸਭ ਦੀਆਂ ਨਜ਼ਰਾਂ 13 ਨਵੰਬਰ ਨੂੰ ਬੇਗੋਵਾਲ ਵਿੱਚ ਹੋਣ ਵਾਲੀ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਦੀ ਮੁਲਾਕਾਤ ‘ਤੇ ਟਿਕੀਆਂ ਹੋਈਆਂ ਹਨ। ਕੀ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਹੋਵੇਗੀ? ਕੀ ਉਨ੍ਹਾਂ ਨੂੰ ਮੁੜ ਐੱਸਜੀਪੀਸੀ ਦੀ ਪ੍ਰਧਾਨਗੀ ਮਿਲੇਗੀ? ਇਹ ਤਸਵੀਰ ਆਉਣ ਵਾਲੇ ਦਿਨਾਂ ਵਿੱਚ ਸਪੱਸ਼ਟ ਹੋਵੇਗੀ।

Share This Article
Leave a Comment