ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਨਾ ਦੇਣ ਦਾ ਮੁੱਦਾ ਸੰਸਦ ‘ਚ ਉਠਾਵਾਂਗਾ- ਭਗਵੰਤ ਮਾਨ

TeamGlobalPunjab
2 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਨਾ ਦਿੱਤੇ ਜਾਣ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੰਸਦ ਦੇ ਆਗਾਮੀ ਮਾਨਸੂਨ ਇਜਲਾਸ ‘ਚ ਉਹ (ਮਾਨ) ਇਸ ਸੰਵੇਦਨਸ਼ੀਲ ਮਸਲੇ ਨੂੰ ਪ੍ਰਮੁੱਖਤਾ ਨਾਲ ਉਠਾਉਣਗੇ ਅਤੇ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਵੀ ਪਹੁੰਚ ਕਰਨਗੇ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੀ ਕੇਂਦਰ ਕੈਬਨਿਟ ਵੱਲੋਂ ਜੰਮੂ-ਕਸ਼ਮੀਰ ‘ਚ ਹੋਰਨਾਂ ਭਾਸ਼ਾ ਵਾਂਗ ਸਰਕਾਰੀ ਮਾਨਤਾ ਵਾਲੀ ਸੂਚੀ ‘ਚ ਨਾ ਰੱਖੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਜੰਮੂ-ਕਸ਼ਮੀਰ ‘ਚ ਸਦੀਆਂ ਤੋਂ ਵੱਸਦੇ ਲੱਖਾਂ ਪੰਜਾਬੀ ਪਰਿਵਾਰਾਂ ਨਾਲ ਸਰਾਸਰ ਧੱਕਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਪੱਖਪਾਤੀ ਵਤੀਰਾ ਹੈ।

ਭਗਵੰਤ ਮਾਨ ਨੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਮਾਨਸੂਨ ਇਜਲਾਸ ਦੌਰਾਨ ਉਹ ਇਸ ਅਹਿਮ ਮੁੱਦੇ ‘ਤੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਇੱਕਜੁੱਟ ਅਤੇ ਇਕਸੁਰ ਹੋ ਕੇ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਅਤੇ ਬਣਦਾ ਸਨਮਾਨ ਦਿਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਪਾਉਣ।
ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਘੇਰਦਿਆਂ ਪੁੱਛਿਆ ਕਿ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਵੱਲੋਂ ਪੰਜਾਬੀ ਭਾਸ਼ਾ ਸ਼ਾਮਲ ਕੀਤੇ ਬਗੈਰ ਬਿੱਲ ਪ੍ਰਵਾਨ ਕੀਤਾ ਗਿਆ ਉਦੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਦਾ ਵਿਰੋਧ ਕਿਉਂ ਨਹੀਂ ਕੀਤਾ?

ਮਾਨ ਨੇ ਕਿਹਾ ਕਿ ਆਪਣੀ ਨੂੰਹ ਰਾਣੀ (ਹਰਸਿਮਰਤ ਕੌਰ) ਦੀ ਕੁਰਸੀ ਲਈ ਬਾਦਲ ਪਰਿਵਾਰ ਨੇ ਪੰਜਾਬੀ ਸਮੇਤ ਪੂਰੇ ਪੰਜਾਬ ਦੇ ਹਿਤ ਬਲੀ ਚੜ੍ਹਾ ਰੱਖੇ ਹਨ।
ਮਾਨ ਨੇ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਵੀ ਮਾਨਤਾ ਪ੍ਰਾਪਤ ਸਰਕਾਰੀ ਭਾਸ਼ਾਵਾਂ ਦੀ ਸੂਚੀ ‘ਚ ਸਥਾਨ ਅਤੇ ਬਣਦਾ ਸਨਮਾਨ ਦੇਣ। ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਸ਼ਮੀਰੀ, ਡੋਗਰੀ ਅਤੇ ਹਿੰਦੀ ਨੂੰ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਜੋਂ ਮਾਨਤਾ ਦਿੱਤੇ ਜਾਣ ‘ਤੇ ਕੋਈ ਇਤਰਾਜ਼ ਨਹੀਂ ਪਰੰਤੂ ਇਸ ਵਿਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕਰਕੇ ਭਾਜਪਾ ਨੇ ਪੰਜਾਬੀ ਭਾਸ਼ਾ ਦੀ ਤੌਹੀਨ ਅਤੇ ਦੁਨੀਆ ਭਰ ‘ਚ ਵੱਸਦੇ ਪੰਜਾਬੀਆਂ ਨੂੰ ਨਿਰਾਸ਼ ਕੀਤਾ ਹੈ।

Share This Article
Leave a Comment