ਕਣਕ ਦੀ 40.96 ਫੀਸਦੀ ਲਿਫ਼ਟਿੰਗ ਨਾਲ ਜਲੰਧਰ ਸੂਬੇ ਭਰ ‘ਚੋਂ ਮੋਹਰੀ

TeamGlobalPunjab
2 Min Read

ਜਲੰਧਰ: ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਜਲੰਧਰ ਨੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਲਿਫ਼ਟਿੰਗ ਵਿਚ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੁਆਰਾ ਸਮੁੱਚੀਆਂ 137 ਮੰਡੀਆਂ ਵਿਚ ਲਿਆਂਦੀ ਗਈ ਕੁੱਲ ਫਸਲ ਵਿਚੋਂ 40.96 ਫੀਸਦੀ ਕਣਕ ਦੀ ਲਿਫ਼ਟਿੰਗ ਕਰ ਲਈ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਦਾ ਔਸਤ ਪ੍ਰਤੀਸ਼ਤ ਸੂਬੇ ਦੀ ਔਸਤ ਨਾਲੋਂ ਵਧੇਰੇ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖਰੀਦ ਦੇ ਹਰ ਪੜਾਅ ਵਿੱਚ ਕਿਸਾਨਾਂ ਦੀ ਮਦਦ ਕਰਨ ਤੋਂ ਇਲਾਵਾ ਨਿਰਧਾਰਤ ਸਮੇਂ ਵਿੱਚ ਫਸਲਾਂ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਥੋਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦ ਏਜੰਸੀਆਂ ਵੱਲੋਂ 180086 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦਕਿ ਕੁੱਲ ਔਸਤ 40.96 ਦੇ ਨਾਲ 73768 ਮੀਟ੍ਰਿਕ ਟਨ ਫ਼ਸਲ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।

- Advertisement -

ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਨਿਰਵਿਘਨ ਅਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਪਖਾਨਿਆਂ ਦੀਆਂ ਸਹੂਲਤਾਂ, ਸੈਨੇਟਾਈਜ਼ਰ, ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਇਸ ਰੈਂਕਿੰਗ ਨੂੰ ਬਰਕਰਾਰ ਰੱਖਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਜ਼ਿਲ੍ਹੇ ਵਿੱਚ ਰੋਜ਼ਾਨਾ ਖ਼ਰੀਦ ਪ੍ਰਕਿਰਿਆ ਦੀ ਸਮੀਖਿਆ ਕਰਨ ਤੋਂ ਇਲਾਵਾ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।

Share this Article
Leave a comment