ਅੰਮ੍ਰਿਤਸਰ ਵਿੱਚ ਔਰਤ ਨੂੰ ਜਿਉਂਦਾ ਸਾੜਨ ਦੇ ਮਾਮਲੇ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਤੋਂ ਰਿਪੋਰਟ ਮੰਗੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਦੇ ਬੁੱਲੇ ਮੰਗਲ ਪਿੰਡ ਵਿੱਚ ਇੱਕ ਵਿਅਕਤੀ ਨੇ ਆਪਣੀ 23 ਸਾਲਾ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਜਿਉਂਦਾ ਸਾੜ ਦਿੱਤਾ ਸੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਮਾਮਲੇ ਦਾ ਨੋਟਿਸ ਲੈਂਦਿਆਂ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। NWC ਨੇ ਐਕਸ ‘ਤੇ ਇੱਕ ਪੋਸਟ ਪਾ ਕੇ ਲਿਖਿਆ, “ਅੰਮ੍ਰਿਤਸਰ ਵਿੱਚ ਵਾਪਰੀ ਭਿਆਨਕ ਘਟਨਾ ਤੋਂ ਹੈਰਾਨ ਹਾਂ, ਜਿੱਥੇ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੀ ਗਰਭਵਤੀ ਪਤਨੀ ਨੂੰ ਅੱਗ ਲਗਾ ਦਿੱਤੀ। ਇਸ ਕਾਰੇ ਦੀ ਬੇਰਹਿਮੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਹੈ।”
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਬਾਬਾ ਬਕਾਲਾ ਇਲਾਕੇ ਦੇ ਪਿੰਡ ਬੁੱਲੇਨੰਗਲ ਦੇ ਰਹਿਣ ਵਾਲੇ ਸੁਖਦੇਵ ਸਿੰਘ ਦਾ ਵਿਆਹ ਦੋ ਸਾਲ ਪਹਿਲਾਂ ਪਿੰਕੀ ਨਾਲ ਹੋਇਆ ਸੀ। ਸ਼ੁੱਕਰਵਾਰ ਨੂੰ ਸੁਖਦੇਵ ਅਤੇ ਪਿੰਕੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਦੋਵਾਂ ਵਿਚਾਲੇ ਲੜਾਈ ਇੰਨੀ ਵੱਧ ਗਈ ਕਿ ਗੁੱਸੇ ‘ਚ ਆ ਕੇ ਸੁਖਦੇਵ ਨੇ ਪਿੰਕੀ ਨੂੰ ਮੰਜੇ ਨਾਲ ਬੰਨ੍ਹ ਦਿੱਤਾ।
ਇਸ ਤੋਂ ਬਾਅਦ ਸੁਖਦੇਵ ਸਿੰਘ ਨੇ ਪਿੰਕੀ ਨੂੰ ਅੱਗ ਲਗਾ ਦਿੱਤੀ। ਇਸ ਤੋਂ ਪਹਿਲਾਂ ਕਿ ਕੋਈ ਪਿੰਕੀ ਦੀਆਂ ਚੀਕਾਂ ਸੁਣ ਕੇ ਉਸ ਨੂੰ ਬਚਾਉਣ ਲਈ ਆਉਂਦਾ, ਉਸ ਦੀ ਮੌਤ ਹੋ ਗਈ। ਮ੍ਰਿਤਕਾ ਛੇ ਮਹੀਨੇ ਦੀ ਗਰਭਵਤੀ ਸੀ। ਉਸ ਨੂੰ ਜੁੜਵਾਂ ਬੱਚੇ ਹੋਣ ਦੀ ਉਮੀਦ ਸੀ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।