ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਠੇਕਾ ਆਧਾਰਤ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਅਸ਼ੀਸ਼ ਜੁਲਾਹਾ ਨੇ ਪੰਜਾਬ ਸਰਕਾਰ ਵੱਲੋਂ 66 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਪੇਸ਼ ਕੀਤੇ ਖਰੜੇ ਨੂੰ ਮੁੱਢੋਂ ਹੀ ਰੱਦ ਕਰਦਿਆਂ ਕਿਹਾ ਕਿ ਇਹ ਖਰੜਾ ਕੱਚੇ ਮੁਲਾਜ਼ਮਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਵਾਲਾ ਹੈ।
ਅਸ਼ੀਸ਼ ਜੁਲਾਹਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ 10 ਸਾਲਾਂ ਦੀ ਨੌਕਰੀ ਵਾਲਿਆਂ ਨੂੰ ਪੱਕਾ ਕਰਨ ਜਾ ਰਹੀ ਹੈ, ਜਦਕਿ ਪਿਛਲੀ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਤਿੰਨ ਸਾਲ ਦੀ ਨੌਕਰੀ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸੀ। ਸਰਕਾਰ ਨੇ ਇਹ ਸ਼ਰਤ ਵੀ ਲਗਾ ਦਿੱਤੀ ਹੈ ਕਿ ਸੈਂਕਸ਼ਨ ਪੋਸਟਾਂ ਉੱਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਜੋ ਕਿ ਮੂਲ ਰੂਪ ‘ਚ ਗਲਤ ਹੈ। ਅਸ਼ੀਸ਼ ਜੁਲਾਹਾ ਨੇ ਕਿਹਾ ਕਿ ਜਿੰਨੀਆਂ ਸ਼ਰਤਾਂ ਸਰਕਾਰ ਨੇ ਲਗਾਈਆਂ ਹਨ ਉਸ ਮੁਤਾਬਕ ਤਾਂ 600 ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਨਹੀਂ ਕੀਤਾ ਜਾ ਸਕਦਾ। ਜਿਸ ਕਾਰਨ ਉਹ ਇਸ ਖਰੜੇ ਦਾ ਵਿਰੋਧ ਕਰਨਗੇ।
ਜ਼ਿਕਰਯੋਗ ਹੈ ਕਿ 3 ਅਗਸਤ ਨੂੰ ਮੰਤਰੀ ਮੰਡਲ ਦੀ ਸਬ ਕਮੇਟੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਵੀ ਹੋਣੀ ਹੈ ਜਿਸ ਤੋਂ ਬਾਅਦ ਹੀ ਸਾਫ ਹੋ ਸਕੇਗਾ ਕਿ ਪੰਜਾਬ ਸਰਕਾਰ ਇਨ੍ਹਾਂ ਸ਼ਰਤਾਂ ਨੂੰ ਹਟਾਵੇਗੀ ਜਾਂ ਫਿਰ ਆਪਣਾ ਹੱਠੀ ਵਤੀਰਾ ਅਪਣਾ ਕੇ ਮੁਲਾਜ਼ਮਾਂ ਦੇ ਭਵਿੱਖ ਨਾਲ ਖਿਲਵਾੜ ਕਰਦੀ ਰਹੇਗੀ।