ਨੌਜਵਾਨਾਂ ਨਾਲ ਕੀਤੇ ਵਾਅਦਿਆਂ ਨੂੰ ਲੈ ਕੇ ਕੈਪਟਨ ਮਗਰ ਪਿਆ ਯੂਥ ਅਕਾਲੀ ਦਲ

TeamGlobalPunjab
6 Min Read

ਧੂਰੀ : ਯੂਥ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਦੱਸਣ ਕਿ ਕੀ ਉਹਨਾਂ ਨੇ ਸੂਬੇ ਦੇ ਨੌਜਵਾਨਾਂ ਨਾਲ ਕੀਤੇ ਕਈ ਵਾਅਦਿਆਂ ਵਿਚੋਂ ਇਕ ਵੀ ਲਾਗੂ ਕੀਤਾ ਹੈ ? ਤੇ ਪਾਰਟੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਐਲਾਨੀਆਂ ਸਕੀਮਾਂ ਵੀ ਕਾਗਜ਼ਾਂ ਤੱਕ ਸੀਮਤ ਰਹਿ ਗਈਆਂ ਹਨ। ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਇਥੇ ਧੂਰੀ ਵਿਖੇ ‘ਯੂਥ ਮੰਗਦਾ ਜਵਾਬ’ ਮੁਹਿੰਮ ਤਹਿਤ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੂੰ ਪਵਿੱਤਰ ਗੁਟਕਾ ਸਾਹਿਬ ਤੇ ਦਸ਼ਮੇਸ਼ ਪਿਤਾ ਦੇ ਨਾਂ ’ਤੇ ਝੂਠੀਆਂ ਸਹੁੰਆਂ ਚੁੱਕਣ ਲਈ ਵੀ ਕਰੜੇ ਹੱਥੀਂ ਲਿਆ ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਕਿਉਂਕਿ ਪੰਜਾਬੀਆਂ ਨੇ ਉਹਨਾਂ ਦੀ ਗੱਲ ’ਤੇ ਯਕੀਨ ਕੀਤਾ ਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸੱਤਾ ਸੌਂਪੀ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਯੂਥ ਅਕਾਲੀ ਦਲ ਸਾਰੇ ਸੂਬੇ ਵਿਚ ਨੌਜਵਾਨ ਮੰਗਦਾ ਜਵਾਬ ਰੈਲੀਆਂ ਕਰੇਗਾ ਤੇ ਮੁੱਖ ਮੰਤਰੀ ਕੋਲੋਂ ਮੰਗ ਕਰੇਗਾ ਕਿ ਉਹ ਦੱਸਣ ਕਿ ਉਹਨਾਂ ਨੇ ਨੌਜਵਾਨਾਂ ਨਾਲ ਕੀਤੇ ਵਾਅਦੇ ਲਾਗੂ ਕਿਉਂ ਨਹੀਂ ਕੀਤੇ। ਉਹਨਾਂ ਕਿਹਾ ਕਿ ਨੌਜਵਾਨਾਂ ਨਾਲ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ ਪਰ ਕਾਂਗਰਸ ਸਰਕਾਰ ਨੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਵਾਸਤੇ ਕੁਝ ਨਹੀਂ ਕੀਤਾ ਬਲਕਿ ਪੁਨਰਗਠਨ ਦੇ ਨਾਂ ’ਤੇ ਹਜ਼ਾਰਾਂ ਸਰਕਾਰੀ ਆਸਾਮੀਆਂ ਖਤਮ ਕਰ ਦਿੱਤੀਆਂ। ਉਹਨਾਂ ਕਿਹਾ ਕਿ ਇਸੇ ਤਰੀਕੇ ਬੇਰੋਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤੇ ਦਾ ਵਾਅਦਾ ਕੀਤਾ ਗਿਆ ਸੀ ਪਰ ਪਿਛਲੇ ਚਾਰ ਸਾਲਾਂ ਵਿਚ ਇਕ ਵੀ ਪੈਸਾ ਨਹੀਂ ਦਿੱਤਾ ਗਿਅ।

ਮੁੱਖ ਮੰਤਰੀ ਨੁੰ ਪਿਛਲੇ ਚਾਰ ਸਾਲਾਂ ਵਿਚ ਕੀਤੀ ਇਕ ਚੀਜ਼ ਗਿਣਾਉਣ ਵਾਸਤੇ ਕਹਿੰਦਿਆਂ ਰੋਮਾਣਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ 90 ਹਜ਼ਾਰ ਕਰੋੜ ਰੁਪਏ ਦੀ ਪੂਰਨ ਕਰਜ਼ਾ ਮੁਆਫੀ ਦਾ ਝੁਠਾ ਵਾਅਦਾ ਕੀਤਾ ਗਿਆ ਪਰ ਉਲਟਾ ਕਿਸਾਨ 10 ਹਜ਼ਾਰ ਕਰੋੜ ਰੁਪਏ ਦੇ ਹੋਰ ਕਰਜ਼ਈ ਹੋ ਗਏ ਕਿਉਂਕਿ ਉਹਨਾਂ ਨੇ ਇਹ ਮੰਨ ਲਿਆ ਕਿ ਕਰਜ਼ਾ ਪੂਰਾ ਮੁਆਫ ਹੋਵੇਗਾ ਤੇ ਆਪਣੇ ਕਰਜ਼ਿਆਂ ਦੀਆਂ ਕਿਸ਼ਤਾਂ ਭਰਨੀਆਂ ਬੰਦ ਕਰ ਦਿੱਤੀਆਂ। ਉਹਨਾਂ ਕਿਹਾ ਕਿ ਇਸੇ ਤਰੀਕੇ ਬਜ਼ੁਰਗਾਂ ਦੀ ਪਿੱਠ ਵਿਚ ਛੁਰਾ ਮਾਰਿਆ ਗਿਆ ਤੇ ਸਰਕਾਰ ਨੇ ਕੀਤੇ ਵਾਅਦੇ ਅਨੁਸਾਰ ਪੈਨਸ਼ਨ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਨਹੀਂ ਕੀਤੀ।

ਰੋਮਾਣਾ ਨੇ ਕਾਂਗਰਸ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ਦੀ ਦੁਰਵਰਤੋਂ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਨੇ ਸ਼ਹੀਦ ਭਗਤ ਸਿੰਘ ਰੋਜ਼ਗਾਰ ਸਿਰਜਣ ਯੋਜਨਾ ਲਾਗੂ ਕਰਨ ਤੋਂ ਨਾਂਹ ਕਰ ਦਿੱਤੀ ਹੈ ਜਿਸ ਤਹਿਤ ਆਪਣੀ ਗੱਡੀ ਆਪਣਾ ਰੋਜ਼ਗਾਰ ਵਰਗੀਆਂ ਸਕੀਮਾਂ ਸਨ ਜਿਸ ਤਹਿਤ ਚਾਰ ਪਹੀਆ ਵਾਹਨ ਖਰੀਦਣ ਲਈ ਸੌਖਾ ਕਰਜ਼ਾ ਮਿਲਣਾ ਸੀ। ਉਹਨਾਂ ਕਿਹਾ ਕਿ ਹਰਾ ਟਰੈਕਟਰ ਸਕੀਮ ਤਹਿਤ ਨੌਜਵਾਨਾਂ ਨੂੰ ਸੌਖੀਆਂ ਕਿਸ਼ਤਾਂ ’ਤੇ 25000 ਟਰੈਕਟਰ ਦੇਣ ਦਾ ਵਾਅਦਾ ਕੀਤਾ ਗਿਆ ਸੀ ਤੇ ਯਾਰੀ ਐਂਟਰਪ੍ਰਾਇਜ਼ਿਜ ਤਹਿਤ ਨੌਜਵਾਨਾਂ ਨੁੰ ਆਪਣੇ ਉਦਮ ਵਾਸਤੇ ਸੌਖਾ ਕਰਜ਼ਾ ਮਿਲਣਾ ਸੀ ਪਰ ਇਹਨਾਂ ਵਿਚੋਂ ਇਕ ਵੀ ਸਕੀਮ ਲਾਗੂ ਨਹੀਂ ਹੋਈ।

- Advertisement -

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਤਾਂ ਐਸ ਸੀ ਵਿਦਿਆਰਥੀਆਂ ਨੂੰ ਵੀ ਲੁੱਟ ਲਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਮੰਨਿਆ ਸੀ ਕਿ ਐਸ ਸੀ ਸਕਾਲਰਸ਼ਿਪ ਸਕੀਮ ਤਹਿਤ 1563 ਕਰੋੜ ਰੁਪਏ ਹਾਲੇ ਜਾਰੀ ਹੋਣੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਭਾਵੇਂ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੁੰ ਕਲੀਨ ਚਿੱਟ ਦੇ ਦਿੱਤੀ ਹੋਵੇ ਪਰ ਐਡੀਸ਼ਨਲ ਚੀਫ ਸੈਕਟਰੀ ਦੀ ਜਾਂਚ ਨੇ ਮੰਤਰੀ ਨੁੰ ਐਸ ਸੀ ਸਕਾਲਰਸ਼ਿਪ ਸਕੀਮ ਦਾ 64 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਦੋਸ਼ੀ ਠਹਿਰਾਇਆ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਇਕ ਹੋਰ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਉਹਨਾਂ ਦੇ ਆਪਣੇ ਹੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੋਸ਼ ਲਾਏ ਹਨ ਕਿ ਉਹ ਉਹਨਾਂ ਅਧਿਕਾਰੀਆਂ ਨੂੰ ਬਚਾ ਰਹੇ ਹਨ ਜਿਹੜੇ 5 ਕਰੋੜ ਬਿਊਪ੍ਰੀਨੋਫਾਈਨ ਗੋਲੀਆਂ ਜੋ ਕੇ ਨਸ਼ਾ ਛੁਡਾਉਣ ਵਾਸਤੇ ਵਰਤੀਆਂ ਜਾਂਦੀਆਂ ਹਨ, ਗਾਇਬ ਕਰਨ ਦੇ ਦੋਸ਼ੀ ਹਨ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਨੂੰ ਵੀ ਘੇਰਿਆ। ਉਹਨਾਂ ਕਿਹਾ ਕਿ ਆਪ ਨੇ ਵਾਅਦਾ ਕੀਤਾ ਸੀ ਕਿ ਉਹ ਕੌਮੀ ਰਾਜਧਾਨੀ ਦਿੱਲੀ ਵਿਚ 8 ਲੱਖ ਨੌਕਰੀਆਂ ਦੇਵੇਗੀ ਪਰ ਇਸ ਮਾਮਲੇ ਵਿਚ ਆਰ ਟੀ ਆਈ ਰਾਹੀਂ ਪ੍ਰਾਪਤ ਸੂਚਨਾ ਵਿਚ ਦਿੱਲੀ ਰੋਜ਼ਗਾਰ ਐਕਸਚੇਂਜ ਨੇ ਦੱਸਿਆ ਹੈ ਕਿ ਦਿੱਲੀ ਸਰਕਾਰ ਨੇ ਚਾਰ ਸਾਲਾਂ ਦੌਰਾਨ ਸਿਰਫ 214 ਨੌਕਰੀਆਂ ਦਿੱਤੀਆਂ ਹਨ। ਉਹਨਾਂ ਨੇ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹਿੱਤ ਕਾਰਪੋਰੇਟ ਘਰਾਦਿਆਂ ਨੂੰ ਵੇਚਣ ਦੀ ਵੀ ਨਿਖੇਧੀ ਕੀਤੀ ਤੇ ਦੱਸਿਆ ਕਿ ਕਿਵੇਂ ਭਗਵੰਤ ਮਾਨ ਨੇ ਸੰਸਦ ਦੀਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਦੀ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਉਸਨੇ ਜ਼ਰੂਰੀ ਵਸਤਾਂ ਸੋਧ ਐਕਟ ਲਾਗੂ ਕਰਨ ਲਈ ਸਹਿਮਤੀ ਦਿੱਤੀ। ਉਹਨਾਂ ਕਿਹਾ ਕਿ ਮਾਨ ਪੰਜਾਬੀਆਂ ਨੂੰ ਜਵਾਬ ਦੇ ਕੇ ਉਸਨੇ ਉਹਨਾਂ ਨਾਲ ਧੋਖਾ ਕਿਉਂ ਕੀਤਾ ਤੇ ਕਿਉਂ ਉਹ ਇਸ ਮਾਮਲੇ ’ਤੇ ਝੁਠ ਬੋਲ ਰਿਹਾ ਹੈ ਜਦਕਿ ਸਟੈਂਡਿੰਗ ਕਮੇਟੀ ਦੀ ਰਿਪੋਰਟ ਵਿਚ ਸਪਸ਼ਟ ਦੱਸਿਆ ਗਿਆ ਹੈ ਕਿ ਉਸਨੇ ਵਿਰੋਧ ਦਾ ਕੋਈ ਨੋਟ ਨਹੀਂ ਦਿੱਤਾ ਤੇ ਅਡਾਨੀਆਂ ਤੇ ਅੰਬਾਨੀਆਂ ਵੱਲੋਂ ਅਨਾਜ ਭੰਡਾਰ ਵੱਡੀ ਪੱਧਰ ’ਤੇ ਸਟੋਰ ਕਰਨ ਲਈ ਸਹਿਮਤੀ ਦਿੱਤੀ ਹੈ।

Share this Article
Leave a comment