ਯੂਬਾ ਸਿਟੀ: ਸਾਲ 2018 ‘ਚ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਜਾਏ ਗਏ ਨਗਰ ਕੀਰਤਨ ‘ਚ ਇਕ ਵਿਅਕਤੀ ‘ਤੇ ਤਲਵਾਰਾਂ ਨਾਲ ਹਮਲਾ ਕਰਨ ਦੇ ਮਾਮਲੇ ‘ਚ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿੱਚੋਂ ਦੋ ਦੋਸ਼ੀਆਂ ਨੇ ਖੁਦ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ ਜਿਸ ਦੀ ਪਹਿਚਾਣ 36 ਸਾਲਾ ਮਨਪ੍ਰੀਤ ਸਿੰਘ ਤੇ 39 ਸਾਲਾ ਪਰਮਵੀਰ ਸਿੰਘ ਵੱਜੋਂ ਹੋਈ ਹੈ। ਜਿਨ੍ਹਾਂ ‘ਤੇ ਇਰਾਦਾ ਏ ਕਤਲ, ਹੱਥੋ-ਪਾਈ ਕਰਨ ਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਦੋਸ਼ ਆਇਦ ਕੀਤੇ ਗਏ।
ਉੱਥੇ ਹੀ 29 ਸਾਲਾ ਹਿਰਦੇਪਾਲ ਸਿੰਘ ਨੂੰ ਇਸ ਸਾਲ ਦੇ ਸ਼ੁਰੂ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ‘ਤੇ ਹਥਿਆਰ ਨਾਲ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਯੂਬਾ ਸਿਟੀ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਦੌਰਾਨ 9 ਵਿਅਕਤੀਆਂ ਦੇ ਸ਼ਾਮਲ ਹੋਣ ਦਾ ਜ਼ਿਕਰ ਕੀਤਾ ਗਿਆ ਸੀ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿਤਪਾਲ ਸਿੰਘ ਗਿੱਲ, ਪਰਮਵੀਰ ਸਿੰਘ ਗੋਸਲ, ਜਸਕਰਨ ਸਿੰਘ ਅਤੇ ਨਰਿੰਦਰ ਸਿੰਘ ਵਿਰੁੱਧ ਗਵਾਹ ਨੂੰ ਧਮਕਾਉਣ ਤੇ ਲੁੱਟ ਦੇ ਦੋਸ਼ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ 32 ਸਾਲ ਦੇ ਕਰਨਜੀਤ ਸਿੰਘ, ਸੁਰਿੰਦਰ ਸਿੰਘ ਕੈਲੇ ਅਤੇ 50 ਸਾਲਾ ਮਲਕੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਯੂਬਾ ਸਿਟੀ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਇਸ ਮਾਮਲੇ ਸਬੰਧੀ ਕਿਸੇ ਕੋਲ ਵੀ ਸ਼ੱਕੀਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
