ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਹਰੇਕ ਖੇਤਰ ਦਾ ਵਿਆਪਕ ਵਿਕਾਸ ਕਰਕੇ ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਨ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਜਿਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਸਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪੁਖਤਾ ਵਿਵਸਥਾ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਪੱਧਰ ਉਤੇ ਕੰਮ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਛੇਤੀ ਹੀ ਸਾਕਾਰਤਮਕ ਨਤੀਜੇ ਸਾਹਮਣੇ ਆਉਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਦੀ ਬੁਨਿਆਦ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੁਣ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਇਨ੍ਹਾਂ 500 ਕਲੀਨਿਕ ਰਾਹੀਂ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ।
ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਇਤਿਹਾਸਕ ਲੋਕ ਪੱਖੀ ਫੈਸਲੇ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੱਡਾ ਫਤਵਾ ਦੇ ਕੇ ਪੰਜਾਬ ਦੇ ਲੋਕਾਂ ਨੇ ਇਤਿਹਾਸ ਸਿਰਜਿਆ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਇਨ੍ਹਾਂ ਚੋਣਾਂ ਵਿਚ ਰਵਾਇਤੀ ਪਾਰਟੀਆਂ ਦੇ ਘਾਗ ਸਿਆਸਤਦਾਨਾਂ ਦਾ ਸਫਾਇਆ ਕਰਕੇ ਨਵੇਂ ਚਿਹਰਿਆਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਮਹਿਜ਼ 10 ਮਹੀਨਿਆਂ ਦੇ ਸਮੇਂ ਵਿਚ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਭਲਾਈ ਤੇ ਸੂਬੇ ਦੀ ਤਕਦੀਰ ਬਦਲਣ ਲਈ ਇਨਕਲਾਬੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 500 ਆਮ ਆਦਮੀ ਕਲੀਨਿਕ ਸ਼ੁਰੂ ਵੀ ਹੋ ਗਏ ਹਨ ਜਦਕਿ ਦਿੱਲੀ ਜਿਸ ਨੇ ਮੁਲਕ ਨੂੰ ਇਹ ਮਾਡਲ ਦਿੱਤਾ, ਨੂੰ ਇਹ ਟੀਚਾ ਪੂਰਾ ਕਰਨ ਲਈ ਲੰਮਾ ਸਮਾਂ ਲੱਗਾ ਸੀ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਯਤਨਾਂ ਸਦਕਾ ਪੰਜਾਬ ਅੱਜ ਮੁਲਕ ਵਿਚ ਦੂਜਾ ਸਭ ਤੋਂ ਸ਼ਾਂਤਮਈ ਸੂਬਾ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਜਿਸ ਕਰਕੇ ਉਹ ਸੂਬੇ ਦੇ ਲੋਕਾਂ ਦੀਆਂ ਦੁੱਖ-ਤਕਲੀਫਾਂ ਨੂੰ ਭਲੀ-ਭਾਂਤ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ ਜਿਨ੍ਹਾਂ ਨੂੰ ਪੰਜਾਬ ਤੇ ਇੱਥੋਂ ਦੇ ਲੋਕਾਂ ਨਾਲ ਸਰੋਕਾਰ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਰਸੂਖਵਾਨ ਪਰਿਵਾਰਾਂ ’ਚੋਂ ਬਣਦੇ ਸਨ ਪਰ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਇਸ ਅਹੁਦੇ ਲਈ ਆਮ ਵਿਅਕਤੀ ਚੁਣਿਆ ਗਿਆ ਹੈ।