ਚੰਡੀਗੜ੍ਹ: ਕਿਫ਼ਾਇਤੀ ਤੇ ਮਿਆਰੀ ਉੱਚ ਸਿੱਖਿਆ ਤੱਕ ਸੂਬੇ ਦੇ ਨੌਜਵਾਨਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਕੀਤੇ ਇਕ ਮਿਸਾਲੀ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਦੇ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਲਜ 2021-22 ਵਿੱਚ ਸ਼ੁਰੂ ਕੀਤੇ ਗਏ ਸਨ। ਕੈਬਨਿਟ ਨੇ ਇਨ੍ਹਾਂ ਕਾਲਜਾਂ ਲਈ ਲਾਇਬ੍ਰੇਰੀ ਰਿਸਟੋਰਰ ਦੀਆਂ 16 ਅਤੇ ਲੈਬ ਅਟੈਡੈਂਟਾਂ ਦੀਆਂ 64 ਆਸਾਮੀਆਂ ਕਾਇਮ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਨਾਲ ਇਨ੍ਹਾਂ ਨਵੇਂ ਖੁੱਲ੍ਹੇ ਕਾਲਜਾਂ ਵਿੱਚ ਲੋੜੀਂਦੇ ਪ੍ਰੋਫੈਸਰਾਂ ਤੇ ਹੋਰ ਸਟਾਫ਼ ਦੀ ਤਾਇਨਾਤੀ ਯਕੀਨੀ ਬਣੇਗੀ, ਜਿਸ ਨਾਲ ਨਵੇਂ ਕਾਲਜਾਂ ਦੀ ਕਾਰਜਪ੍ਰਣਾਲੀ ਸੁਚਾਰੂ ਤਰੀਕੇ ਨਾਲ ਚੱਲਣੀ ਯਕੀਨੀ ਬਣੇਗੀ, ਜਿਸ ਦਾ ਵਿਦਿਆਰਥੀਆਂ ਨੂੰ ਲਾਭ ਹੋਵੇਗਾ।
ਇੰਡੀਅਨ ਸਟੈਂਪ ਐਕਟ 1899 ਵਿੱਚ ਸੋਧ ਦੀ ਇਜਾਜ਼ਤ, ਪਰਿਵਾਰ ਤੋਂ ਬਾਹਰ ਪਾਵਰ ਆਫ਼ ਅਟਾਰਨੀ ਉਤੇ ਦੋ ਫੀਸਦੀ ਸਟੈਂਪ ਡਿਊਟੀ ਲਗਾਈ
ਕੈਬਨਿਟ ਨੇ ਇੰਡੀਅਨ ਸਟੈਂਪ ਐਕਟ 1899 ਦੇ ਸ਼ਡਿਊਲ 1-ਏ ਵਿੱਚ ਇੰਦਰਾਜ ਨੰਬਰ 48 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਹੁਣ ਖ਼ੂਨ ਦੇ ਰਿਸ਼ਤਿਆਂ ਤੋਂ ਬਾਹਰ ਪ੍ਰਾਪਰਟੀ ਲਈ ਪਾਵਰ ਆਫ਼ ਅਟਾਰਨੀ ਜਾਰੀ ਕਰਨ ਲਈ ਲਗਦੇ ਕੁਲੈਕਟਰ ਰੇਟ ਜਾਂ ਤੈਅ ਰਾਸ਼ੀ ਦੇ 2 ਫੀਸਦੀ ਦੀ ਸਟੈਂਪ ਡਿਊਟੀ ਲਾਗੂ ਕਰ ਦਿੱਤੀ ਹੈ। ਇਹ ਡਿਊਟੀ ਪਰਿਵਾਰਕ ਮੈਂਬਰਾਂ (ਜਿਵੇਂ ਕਿ ਪਤੀ/ਪਤਨੀ, ਬੱਚੇ, ਮਾਪੇ, ਭੈਣ/ਭਰਾ, ਦਾਦਾ/ਦਾਦੀ ਤੇ ਪੋਤਾ/ਪੋਤੀ) ਤੋਂ ਇਲਾਵਾ ਕਿਸੇ ਵਿਅਕਤੀ ਨੂੰ ਪਾਵਰ ਆਫ਼ ਅਟਾਰਨੀ ਦੇਣ ਉਤੇ ਲਾਗੂ ਹੋਵੇਗੀ, ਜਿਸ ਨਾਲ ਉਹ ਅਚੱਲ ਜਾਇਦਾਦ ਦੀ ਵੇਚ-ਵੱਟ ਲਈ ਅਧਿਕਾਰਤ ਹੋਣਗੇ। ਇਸ ਕਦਮ ਦਾ ਮੰਤਵ ਪਾਵਰ ਆਫ਼ ਅਟਾਰਨੀ ਦੀ ਦੁਰਵਰਤੋਂ ਅਤੇ ਲੋਕਾਂ ਨਾਲ ਧੋਖਾਧੜੀ ਨੂੰ ਰੋਕਣਾ ਹੈ।
ਸਰਕਾਰੀ ਕਾਲਜਾਂ ਵਿੱਚ 645 ਸਹਾਇਕ ਪ੍ਰੋਫੈਸਰਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 37 ਤੋਂ ਵਧਾ ਕੇ 45 ਸਾਲ ਕਰਨ ਨੂੰ ਹਰੀ ਝੰਡੀ
ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ 645 ਸਹਾਇਕ ਪ੍ਰੋਫੈਸਰਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 37 ਸਾਲ ਤੋਂ 45 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਰੈਗੂਲਰ ਸਹਾਇਕ ਪ੍ਰੋਫੈਸਰਾਂ ਤਾਇਨਾਤ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਵੱਖ-ਵੱਖ ਕਾਲਜਾਂ ਵਿੱਚ ਪਹਿਲਾਂ ਹੀ ਨਾਨ-ਰੈਗੁਲਰ ਸ਼੍ਰੇਣੀ ਵਿੱਚ ਕੰਮ ਕਰਨ ਵਾਲਿਆਂ ਨੂੰ ਪੀ.ਪੀ.ਐਸ.ਸੀ. ਰਾਹੀਂ ਸਹਾਇਕ ਪ੍ਰੋਫੈਸਰਾਂ ਦੀਆਂ ਰੈਗੁਲਰ ਆਸਾਮੀਆਂ ਉਤੇ ਸਿੱਧੀ ਭਰਤੀ ਲਈ ਬਿਨੈ ਕਰਨ ਦਾ ਮੌਕਾ ਮਿਲੇਗਾ। ਇਸ ਨਾਲ ਵਿਦਿਆਰਥੀਆਂ ਦੀ ਮਿਆਰੀ ਉੱਚ ਸਿੱਖਿਆ ਤੱਕ ਪਹੁੰਚ ਯਕੀਨੀ ਬਣਨ ਦੇ ਨਾਲ-ਨਾਲ ਤਜਰਬੇਕਾਰ ਬਿਨੈਕਾਰਾਂ, ਜਿਨ੍ਹਾਂ ਕੋਲ ਤਸੱਲੀਬਖ਼ਸ਼ ਅਕਾਦਮਿਕ ਯੋਗਦਾਨ ਹੋਵੇਗਾ, ਦਾ ਇਕ ਵੱਡਾ ਪੂਲ ਚੋਣ ਲਈ ਉਪਲਬਧ ਹੋਵੇਗਾ।