ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਦਾ ਵਿਰੋਧ ਪੂਰੀ ਦੁਨੀਆਂ ਵਿੱਚ ਹੋ ਰਿਹਾ ਹੈ। ਇਸ ਨੂੰ ਲੈ ਕੇ ਜਿੱਥੇ ਸਿਆਸਤਦਾਨ ਅਤੇ ਆਮ ਲੋਕ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ ਉੱਥੇ ਹੀ ਹੁਣ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਇਸ ਮਾਮਲੇ ਵਿੱਚ ਆਪਣੀ ਦਖਲ ਅੰਦਾਜ਼ੀ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਆਪਣਾ ਇੱਕ ਵਫਦ ਗੁਆਂਢੀ ਮੁਲਕ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਇਹ ਵਫਦ ਉੱਥੇ ਜਾ ਕੇ ਪੂਰੀ ਘਟਨਾ ਦੀ ਜਾਂਚ ਕਰੇਗਾ। ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਹ ਵਫਦ ਉੱਥੇ ਜਾ ਕੇ ਪਾਕਿਸਤਾਨ ਸਰਕਾਰ ਨਾਲ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਗੱਲਬਾਤ ਕਰੇਗਾ।
ਦੱਸ ਦਈਏ ਕਿ ਕੱਲ੍ਹ ਤੋਂ ਹੀ ਇਸ ਘਟਨਾ ਦੀ ਚਾਰੇ ਪਾਸੇ ਨਿੰਦਾ ਹੋ ਰਹੀ ਹੈ ਅਤੇ ਰਾਜਧਾਨੀ ਦਿੱਲੀ ਵਿੱਚ ਤਾਂ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਅੱਜ ਦਿੱਲੀ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਪਾਕਿਸਤਾਨੀ ਹਾਈ ਕਮਿਸ਼ਨ ਦੇ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਸ ਘਟਨਾ ਸਬੰਧੀ ਬੋਲਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕਰ ਦਿੱਤਾ ਹੈ ਕਿ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।