ਚੰਡੀਗੜ੍ਹ: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 19 ਨਵੰਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ‘ਤੋਂ ਪਹਿਲਾਂ 17 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਬੰਧੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਵਰਕਰਾਂ ਨੇ ਜੈਕਾਰਿਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਲੱਡੂ ਵੰਡ ਕੇ ਖੁਸ਼ੀ ਮਨਾਈ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੰਗਤਾਂ ਨੂੰ ਬੜਾ ਅਣਮੁੱਲਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰੀਡੋਰ ਪਿਛਲੇ ਸਾਲ ਵਿਸ਼ਵ ਪੱਧਰ ‘ਤੇ ਫੈਲੀ ਕੋਰੋਨਾ ਮਹਾਮਾਰੀ ਕਾਰਨ ਦੇਸ਼ ਦੇ ਲੋਕਾਂ ਦੀ ਸਿਹਤ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੁਸ਼ਲ ਅਤੇ ਸਾਰਥਕ ਅਗਵਾਈ ਹੇਠ, ਹੁਣ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਲਗਭਗ ਕਾਬੂ ਵਿੱਚ ਹੈ ਅਤੇ ਦੇਸ਼ ਬਹੁਤ ਤੇਜ਼ੀ ਨਾਲ ਅੰਨਲੋਕ ਵੱਲ ਵਧ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸਮਸਤ ਨਾਨਕ ਨਾਮ ਲੇਵਾ ਸੰਗਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਸ ਗੁਰੂਘਰ ਦੇ ਦਰਸ਼ਨਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕਰ ਰਹੀ ਸੀ। ਸੰਗਤਾਂ ਦੀ ਇਸ ਮੰਗ ਨੂੰ ਲੈ ਕੇ ਭਾਜਪਾ ਆਗੂਆਂ ਦਾ ਵਫ਼ਦ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੂੰ ਮਿਲਿਆ ਸੀ ਅਤੇ ਇਸ ਪਵਿੱਤਰ ਦਿਹਾੜੇ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲਣ ਦੀ ਮੰਗ ਕੀਤੀ ਸੀ, ਜਿਸ ਨੂੰ ਅੱਜ ਮੋਦੀ ਸਰਕਾਰ ਨੇ ਪੂਰਾ ਕਰ ਦਿੱਤਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਆਗੂਆਂ ਦੀ ਮੰਗ ‘ਤੇ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦੀ ਹੀ ਖੋਲ੍ਹਿਆ ਜਾਵੇਗਾ ਅਤੇ ਸੰਗਤਾਂ ਨੂੰ ਮੁੜ ਗੁਰੂਘਰ ਦੇ ਖੁੱਲੇ ਦਰਸ਼ਨ-ਦੀਦਾਰ ਦੀ ਆਗਿਆ ਦਿੱਤੀ ਜਾਵੇਗੀ ਅਤੇ ਉਹਨਾਂ ਦੀ ਚਿਰੋਕਣੀ ਮੰਗ ਪੂਰੀ ਕਰਨ ਦਾ ਹਰ ਯਤਨ ਕੀਤਾ ਜਾਵੇਗਾ। ਇਸ ਕਥਨ ਨੂੰ ਸੱਚ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯਕੀਨਨ ਗੁਰਪੁਰਬ ਤੋਂ ਪਹਿਲਾਂ ਇਸ ਨੂੰ ਖੋਲ ਕੇ ਸੰਗਤਾਂ ਨੂੰ ਨਿਵੇਕਲਾ ਤੋਹਫ਼ਾ ਦਿੱਤਾ ਹੈ। ਲਾਂਘੇ ਦੇ ਮੁੜ ਖੁੱਲ੍ਹਣ ਨਾਲ ਇਸ ਪਵਿੱਤਰ ਪ੍ਰਕਾਸ਼ ਪਰਵ ਦੀ ਸ਼ਾਨ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਅਣਕਿਆਸੇ ਫੈਸਲੇ ਦਾ ਪੰਜਾਬ ਭਰ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਨਾਲ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਹਰ ਪਾਸੇ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸੂਬਾ ਭਾਜਪਾ ਮੋਦੀ ਸਰਕਾਰ ਦੇ ਇਸ ਕਾਰਜ ਲਈ ਸਮੂਹ ਨਾਨਕ ਲੇਵਾ ਸੰਗਤਾਂ ਅਤੇ ਪੰਜਾਬ ਵਾਸੀਆਂ ਵਲੋਂ ਧੰਨਵਾਦ ਕਰਦੀ ਹੈ।