ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਪੰਜਾਬ ‘ਚ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਗੱਲ ਕਹੀ ਹੈ। ਸਿੱਧੂ ਨੇ ਟਵੀਟ ‘ਚ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਜਨਤਕ ਹਿੱਤ ‘ਚ ਘਟਾਇਆ ਜਾਵੇ, ਨਹੀਂ ਤਾਂ ਇਹ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ।
ਸਿੱਧੂ ਨੇ ਇਨ੍ਹਾਂ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਲਈ ਨਵਾਂ ਕਾਨੂੰਨ ਬਣਾਉਣ ਖ਼ਾਤਰ 5-7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਪਾਣੀਆਂ ਦੀ ਵੰਡ ਸਬੰਧੀ ਸਮਝੌਤੇ ਨੂੰ ਰੱਦ ਕਰਨ ਵਾਂਗ ਹੀ ਇਸ ਇਜਲਾਸ ਦੌਰਾਨ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਰੱਦ ਕਰਨ ਵਾਲਾ ਕਾਨੂੰਨ ਪਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ, ਜੋ ਇਕ ਦਿਨ ਦੇ ਇਜਲਾਸ ਦੌਰਾਨ ਹੱਲ ਨਹੀਂ ਹੋ ਸਕਦੇ।
Punjab Govt must immediately issue directions to PSERC in Public Interest to revise tariff being paid to Private Power Plants making the faulty PPAs null & void … Further calling a 5-7 day Vidhan Sabha Session to bring a New Legislation for termination of faulty PPAs !! pic.twitter.com/x9k5snhQ5U
— Navjot Singh Sidhu (@sherryontopp) August 30, 2021
ਸਿੱਧੂ ਨੇ ਕਿਹਾ ਕਿ ਇਸ ਨਾਲ ਜਨਰਲ ਸ਼੍ਰੇਣੀ ਸਮੇਤ ਸਾਰੇ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਨਾਲ ਘਰੇਲੂ ਦਰ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਕਰਨ ਸਬੰਧੀ ਪੰਜਾਬ ਸਰਕਾਰ ਨੂੰ ਮਦਦ ਮਿਲੇਗੀ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਇਆ ਗਿਆ ਵਿਸ਼ੇਸ਼ ਇਜਲਾਸ ਬਹੁਤ ਹੀ ਸ਼ਲਾਘਾਯੋਗ ਹੈ।