ਸਰਦੂਲਗੜ੍ਹ : ਪਿਛਲੇ ਸਮੇਂ ਦੌਰਾਨ ਤੁਸੀਂ ਆਮ ਦੇਖਿਆ ਹੋਣੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਸਟੇਜ਼ਾਂ ਤੋਂ ਭਾਸ਼ਣ ਦੇਣ ਲੱਗਿਆਂ ਅਕਸਰ ਪੰਜਾਬ ਪੁਲਿਸ ‘ਤੇ ਪੱਖਪਾਤ ਅਤੇ ਸਿਆਸੀ ਰੰਜ਼ਿਸ਼ ਤਹਿਤ ਕਾਰਵਾਈਆਂ ਕਰਨ ਦੇ ਦੋਸ਼ ਲਗਾਉਂਦਿਆਂ ਇਹ ਕਹਿੰਦੇ ਆਏ ਹਨ ਕਿ ਉਨ੍ਹਾਂ ਨੇ ਇੱਕ ਲਾਲ ਡਾਇਰੀ ਲਾ ਰੱਖੀ ਹੈ ਜਿਸ ਵਿੱਚ ਉਹ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਲਿਖੇ ਜਾ ਰਹੇ ਹਨ ਜਿਹੜੇ ਅਕਾਲੀ ਦਲ ਵਰਕਰਾਂ ਤੇ ਅਹੁਦੇਦਾਰਾਂ ਦੇ ਖਿਲਾਫ ਕੰਮ ਕਰ ਰਹੇ ਹਨ। ਇਨ੍ਹਾਂ ਆਗੂਆਂ ਅਨੁਸਾਰ ਅਕਾਲੀ ਭਾਜਪਾ ਦੀ ਸਰਕਾਰ ਆਉਣ ‘ਤੇ ਉਨ੍ਹਾਂ ਪੁਲਿਸ ਵਾਲਿਆਂ ਖਿਲਾਫ ਕਨੂੰਨੀ ਕਾਰਵਾਈ ਕੀਤੀ ਜਾਵੇਗੀ, ਪਰ ਇੰਝ ਜਾਪਦਾ ਹੈ ਜਿਵੇਂ ਦੂਜੀ ਵਾਰ ਕੇਂਦਰੀ ਮੰਤਰੀ ਬਣਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਪਤੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਪੂਰਨਿਆਂ ‘ਤੇ ਚੱਲਣਾ ਸ਼ੁਰੂ ਕਰ ਦਿੱਤਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਹਰਸਿਮਰਤ ਨੇ ਵੀ ਸੂਬੇ ਦੇ ਅਫ਼ਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਹੈ, ਕਿ ਇਨ੍ਹਾਂ ਅਧਿਕਾਰੀਆਂ ਨੇ ਹੁਣ ਤੱਕ ਤਾਂ ਬੀਬਾ ਜੀ ਦਾ ਰੂਪ ਦੇਖਿਆ ਹੈ, ਪਰ ਹੁਣ ਉਹ ਗੁਰੂ ਦੀ ਸਿੱਖਣੀ ਦਾ ਰੂਪ ਦੇਖਣਗੇ। ਹਰਸਿਮਰਤ ਇੱਥੇ ਚੋਣ ਜਿੱਤਣ ਤੋਂ ਬਾਅਦ ਧੰਨਵਾਦ ਰੈਲੀ ਕਰਨ ਲਈ ਪਹੁੰਚੇ ਹੋਏ ਸਨ।
ਇੱਥੇ ਬੋਲਦਿਆਂ ਕੇਂਦਰੀ ਮੰਤਰੀ ਨੇ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਦੀ ਐਸਆਈਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ‘ਤੇ ਵੀ ਤਿੱਖੇ ਵਾਰ ਕੀਤੇ ਤੇ ਕਿਹਾ ਕਿ ਏਡੀਜੀਪੀ ਪ੍ਰਬੋਧ ਕੁਮਾਰ ਵੱਲੋਂ ਇਨ੍ਹਾਂ ਮਾਮਲਿਆਂ ਦੀ ਐਸਆਈਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਨਾਲ ਅਸਹਿਮਤ ਹੋਣ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਇਸ ਕੇਸ ਦੀ ਜਾਂਚ ਪੱਖ ਪਾਤੀ ਢੰਗ ਨਾਲ ਕੀਤੀ ਜਾ ਰਹੀ ਹੈ।