ਚੰਡੀਗੜ੍ਹ : ਤਖਤ ਸ੍ਰੀ ਹਜੂਰ ਸਾਹਿਬ ਤੋਂ ਵਾਪਿਸ ਪਰਤੇ ਸਿੱਖ ਸ਼ਰਧਾਲੂਆਂ ਦੇ ਕੋਰੋਨਾ ਪਾਜਿਟਿਵ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ । ਇਨ੍ਹਾਂ ਦੀ ਗਿਣਤੀ 150 ਦੇ ਕਰੀਬ ਪਹੁੰਚ ਗਈ ਹੈ । ਇਸ ਨੂੰ ਲੈ ਕੇ ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪ੍ਰਬੰਧਾਂ ‘ਚ ਕੋਤਾਹੀ ਵਰਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਇਥੇ ਹੀ ਬੱਸ ਨਹੀਂ ਸੁਖਬੀਰ ਸਿੰਘ ਬਾਦਲ ਨੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਲਾਉਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੀ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ । ਛੋਟੇ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸੰਕਟ ਦੀ ਘੜੀ ਵਿੱਚ ਅਗਵਾਈ ਕਰਨ ਚ ਨਾਕਾਮ ਸਾਬਤ ਹੋਏ ਹਨ ।