ਅੰਮ੍ਰਿਤਸਰ- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਸਾਰੇ ਕਿਸਾਨ ਫਤਹਿ ਮਾਰਚ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਸਾਰੇ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਸੰਯੁਕਤ ਕਿਸਾਨ ਮੋਰਚੇਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਘਰਸ਼ ਦੀ ਫ਼ਤਿਹਯਾਬੀ ਦੇ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਆਪੋ-ਆਪਣੇ ਸਾਥੀਆਂ ਦੇ ਨਾਲ ਪਹੁੰਚੇ । ਪੰਜਾਬ, ਹਰਿਆਣਾ, ਯੂਪੀ ਆਦਿ ਸੂਬਿਆਂ ‘ਚੋਂ ਕਿਸਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਿਸਾਨ ਆਗੂਆਂ ਨੂੰ ਸਨਮਾਨਤ ਕਰਨ ਲਈ ਵਿਸ਼ੇਸ਼ ਸਮਾਗਮ ਰੱਖਿਆ ਗਿਆ ।